ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 30 ਸਤੰਬਰ:
ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁਕਾਈ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਲਈ ਦਾਣਾ ਮੰਡੀਆਂ ਵਿੱਚ ਲਾਈਟਾਂ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਪਖਾਨੇ ਆਦਿ ਦੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਖੰਡ ਮਿੱਲਾਂ ਵੱਲੋਂ 5 ਨਵੰਬਰ ਤੋਂ ਆਪਣਾ ਕੰਮਕਾਜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਅਤੇ ਖੰਡ ਮਿੱਲਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬੀਕੇਯੂ (ਏਕਤਾ-ਸਿੱਧੂਪੁਰ) ਅਤੇ ਸੰਯੁਕਤ ਕਿਸਾਨ ਮੋਰਚਾ-ਗੈਰ ਸਿਆਸੀ 16 ਜਥੇਬੰਦੀਆਂ ਦੇ ਮੁੱਖ ਆਗੂਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਕਿਸਾਨ ਆਗੂਆਂ ਨੇ ਉਪਰੋਕਤ ਦੋਵਾਂ ਮੁੱਦਿਆਂ ਬਾਰੇ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਇਨ੍ਹਾਂ ਮੁੱਦਿਆਂ ‘ਤੇ ਮੁੱਖ ਮੰਤਰੀ 6 ਅਕਤੂਬਰ 2022 ਨੂੰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਵੀ ਕਰਨਗੇ।