ਲਾਲਜੀਤ ਸਿੰਘ ਭੁੱਲਰ ਨੇ ਮੱਛੀ ਪਾਲਣ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 18 ਅਕਤੂਬਰ:
ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਦੋ ਮੱਛੀ ਪਾਲਣ ਅਫ਼ਸਰਾਂ ਅਤੇ ਇੱਕ ਮੱਛੀ ਪਾਲਕ ਨੂੰ ਨਿਯੁਕਤੀ ਪੱਤਰ ਸੌਂਪੇ।
ਇੱਥੇ ਪੰਜਾਬ ਭਵਨ ਵਿਖੇ ਹੋਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸੱਤ ਮਹੀਨਿਆਂ ਦੇ ਅਰਸੇ ਦੌਰਾਨ ਜਿੱਥੇ 18,543 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਉਥੇ ਸਿੱਖਿਆ ਵਿਭਾਗ ਵਿੱਚ 8736 ਠੇਕਾ-ਆਧਾਰਤ ਅਧਿਆਪਕ ਪੱਕੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 28,000 ਹੋਰ ਠੇਕਾ-ਆਧਾਰਤ ਕਰਮਚਾਰੀਆਂ ਨੂੰ ਵੀ ਪੱਕਾ ਕਰਨ ਸਬੰਧੀ ਕਾਰਵਾਈ ਵੀ ਅਰੰਭੀ ਗਈ ਹੈ।
———