Punjab-ChandigarhTop News

ਸਰਕਾਰੀ ਸਵੀਮਿੰਗ ਪੂਲ ‘ਤੇ 15 ਲੱਖ ਰੁਪਏ ਖਰਚ ਕਰਕੇ ਇਸ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

ਪਟਿਆਲਾ, 16 ਜੁਲਾਈ :

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਦੇ ਸਰਕਾਰੀ ਸਵੀਮਿੰਗ ਪੂਲ ‘ਤੇ ਪੰਜਾਬ ਸਰਕਾਰ 15 ਲੱਖ ਰੁਪਏ ਖਰਚ ਕਰਕੇ ਇਸ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਟੈਂਡਰ ਜਾਰੀ ਹੋ ਚੁੱਕਾ ਹੈ, ਜਲਦੀ ਹੀ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ। ਡਿਪਟੀ ਕਮਿਸ਼ਨਰ ਇਥੇ ਨਗਰ ਨਿਗਮ ਦਫ਼ਤਰ ਦੇ ਬਿਲਕੁਲ ਸਾਹਮਣੇ ਸਥਿਤ ਸਰਕਾਰੀ ਸਵੀਮਿੰਗ ਪੂਲ ਵਿਖੇ ਮਾਧਵ ਕੇ. ਆਰ. ਜੀ. ਲਿਮਟਿਡ ਮੰਡੀ ਗੋਬਿੰਦਗੜ੍ਹ ਵਲੋਂ ਇਥੋਂ ਦੇ ਖਿਡਾਰੀਆਂ ਦੀ ਸਹੂਲਤ ਲਈ ਸਥਾਪਿਤ ਕੀਤੇ ਗਏ ਵਾਟਰ ਕੂਲਰ ਅਤੇ ਆਰ. ਓ. ਦਾ ਉਦਘਾਟਨ ਕਰਨ ਤੋਂ ਬਾਅਦ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ 15 ਲੱਖ ਰੁਪਏ ਦੇ ਨਾਲ ਲੜਕੀਆਂ ਅਤੇ ਲੜਕਿਆਂ ਦੇ ਵੱਖ ਵੱਖ ਵਾਸ਼ਰੂਮ ਅਤੇ ਇਕ ਨਵਾਂ ਹਾਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਰੂਰਤ ਅਨੁਸਾਰ ਹੋਰ ਸਹੂਲਤਾਂ ਇਸ ਪੂਲ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਖੇਡਾਂ ਦੇ ਖੇਤਰ ਵਿਚ ਵੱਡੇ ਪੱਧਰ ‘ਤੇ ਕਾਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਸਵੀਮਿੰਗ ਪੂਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਕੋਚਾਂ ਨਾਲ ਗੱਲਬਾਤ ਕੀਤੀ।

ਡਿਪਟੀ ਕਮਿਸ਼ਨਰ ਨੇ ਮਾਧਵ ਕੇ. ਆਰ. ਜੀ. ਲਿਮਟਿਡ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੁਣ ਪੰਜਾਬ ਦਾ ਭਲਾ ਚਾਹੁਣ ਵਾਲੇ ਲੋਕ, ਸਮਾਜਿਕ ਸੰਸਥਾਵਾਂ ਅਤੇ ਉਦਯੋਗ ਜਗਤ ਵੀ ਸਰਕਾਰ ਦੇ ਲੋਕ ਕਲਿਆਣ ਦੇ ਕੰਮਾਂ ਵਿਚ ਭਾਗੀਦਾਰ ਬਣ ਰਿਹਾ ਹੈ ਜੋ ਕਿ ਸੂਬੇ ਲਈ ਬਹੁਤ ਹੀ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ, ਸਿਹਤ ਅਤੇ ਸਪੋਰਟਸ ਦੇ ਖੇਤਰ ਵਿਚ ਵੱਡੇ ਪੱਧਰ ‘ਤੇ ਕਾਰਜ ਕਰ ਰਹੀ ਹੈ। ਮੁੱਖ ਮੰਤਰੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਪਿੰਡਾਂ ਵਿਚ ਵੱਡੇ ਪੱਧਰ ‘ਤੇ ਖੇਤ ਸਟੇਡੀਅਮ ਉਸਾਰੇ ਜਾਣਗੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਪਿੰਡ ਪੱਧਰ ‘ਤੇ ਹੀ ਖੇਡ ਸਹੂਲਤਾਂ ਮਿਲ ਸਕਣ।

ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਸਪੋਰਟਸ ਦਾ ਵੱਡਾ ਕੇਂਦਰ ਹੈ। ਇਸ ਨੂੰ ਹੋਰ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵੀਮਿੰਗ ਪੂਲ ਵਿਚ ਸਵੀਮਿੰਗ ਦੀ ਤਿਆਰੀ ਕਰ ਰਹੀਆਂ ਲੜਕੀਆਂ ਅਤੇ ਲੜਕਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪੂਲ ਵਿਚੋਂ ਤੈਰਾਕੀ ਸਿੱਖ ਕੇ ਬੱਚੇ ਨੈਸ਼ਨਲ ਪੱਧਰ ‘ਤੇ ਮੈਡਲ ਹਾਸਲ ਕਰ ਰਹੇ ਹਨ ਜੋ ਕਿ ਪਟਿਆਲਾ ਲਈ ਮਾਣ ਵਾਲੀ ਗੱਲ ਹੈ।

ਇਸ ਮੌਕੇ ਮਾਧਵ ਕੇ. ਆਰ. ਜੀ. ਲਿਮਟਿਡ ਵਲੋਂ ਪਹੁੰਚੇ ਸੀ. ਏ. ਰਾਜੀਵ ਗੋਇਲ ਨੇ ਕਿਹਾ ਕਿ ਉਨ੍ਹਾਂ ਦਾ ਗਰੁੱਪ ਇਸ ਤਰ੍ਹਾਂ ਦੇ ਸੇਵਾ ਕਾਰਜ ਕਰਦਾ ਰਹਿੰਦਾ ਹੈ। ਮਾਧਵ ਕੇ. ਆਰ. ਜੀ. ਵਲੋਂ ਸੀ. ਐਸ. ਆਰ. ਤਹਿਤ ਵੱਡੇ ਪੱਧਰ ‘ਤੇ ਸੇਵਾ ਕਾਰਜ ਕੀਤੇ ਜਾ ਰਹੇ ਹਨ। ਇਸ ਗਰੁੱਪ ਵਲੋਂ ਆਪਣੇ ਪੱਧਰ ‘ਤੇ ਸਕਿਲ ਸੈਂਟਰ ਖੋਲ÷  ਕੇ ਮਹਿਲਾਵਾਂ ਨੂੰ ਸਿਲਾਈ, ਕਢਾਈ ਅਤੇ ਹੋਰ ਕਈ ਤਰ੍ਹਾਂ ਦੀਆਂ ਟ੍ਰੇਨਿੰਗਾਂ ਦੇ ਕੇ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ। ਗਰੁੱਪ ਵਲੋਂ ਲੋਕਾਂ ਦੀ ਸਹੂਲਤ ਲਈ ਕਈ ਜਗ੍ਹਾ ‘ਤੇ ਬੱਸ ਸ਼ੈਲਟਰਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਧਵ ਕੇ. ਆਰ. ਜੀ. ਗਰੁੱਪ ਹਮੇਸ਼ਾ ਹੀ ਪ੍ਰਸ਼ਾਸ਼ਨ ਅਤੇ ਸਰਕਾਰ ਨਾਲ ਮਿਲ ਕੇ ਲੋਕ ਭਲਾਈ ਦੇ ਕੰਮਾਂ ਵਿਚ ਭਾਗੀਦਾਰ ਬਣਦਾ ਆ ਰਿਹਾ ਹੈ ਅਤੇ ਭਵਿੱਖ ਵਿਚ ਵੀ ਸਰਕਾਰ ਤੇ ਪ੍ਰਸ਼ਾਸ਼ਨ ਨਾਲ ਮਿਲ ਕੇ ਸੇਵਾ ਦੇ ਕਾਰਜ ਕਰਦਾ ਰਹੇਗਾ।

ਇਸ ਮੌਕੇ ਪਟਿਆਲਾ ਜ਼ਿਲਾ ਸਵੀਮਿੰਗ ਐਸੋਸੀਏਸ਼ਨ ਦੇ ਸਕੱਤਰ ਸੰਦੀਪ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਸਵੀਮਿੰਗ ਕੋਚ ਰਾਜਪਾਲ ਸਿੰਘ ਚਹਿਲ, ਰਾਜ ਕੁਮਾਰ ਰਾਜੂ, ਦੇਵ ਸ਼ਰਮਾ, ਜ਼ਿਲ੍ਹਾ ਸਵੀਮਿੰਗ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਉਪਕਾਰ ਸਿੰਘ, ਜਨਰਲ ਸਕੱਤਰ ਸੰਦੀਪ ਕੌਰ, ਅਨੰਤਪਾਲ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰਪਾਲ ਸਿੰਘ, ਅਸ਼ੋਕ ਸ਼ਰਮਾ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਅਥਾਰਟੀ ਆਫ ਇੰਡੀਆ, ਸੁੰਦਰ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਵੀਮਿੰਗ ਸਿੱਖ ਵਾਲੇ ਬੱਚੇ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

*********

Spread the love

Leave a Reply

Your email address will not be published. Required fields are marked *

Back to top button