ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ
ਪਟਿਆਲਾ, 1 ਮਈ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ -ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੀ ਮੌਜੂਦ ਸਨ।
ਇਸ ਨਿਰੀਖਣ ਦੌਰਾਨ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਨਿੱਜੀ ਤੌਰ ‘ਤੇ ਹਰ ਬੈਰਕ ਦਾ ਦੌਰਾ ਕੀਤਾ। ਇਸ ਮੌਕੇ ਜੱਜ ਸਾਹਿਬਾਨ ਨੇ ਜੇਲ੍ਹ ‘ਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ‘ਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਦੌਰੇ ਦੌਰਾਨ ਜੱਜ ਸਾਹਿਬਾਨ ਨੇ ਜੇਲ੍ਹ ਦੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਨੂੰ ਵੀ ਚੈੱਕ ਕੀਤਾ।
ਇਸ ਤੋਂ ਇਲਾਵਾ ਜੱਜ ਸਾਹਿਬਾਨ ਵੱਲੋਂ ਜੇਲ੍ਹ ਅੰਦਰ ਸੁਰੱਖਿਆ ਉਪਾਵਾਂ ਦੀ ਵੀ ਧਿਆਨ ਨਾਲ ਸਮੀਖਿਆ ਕੀਤੀ ਗਈ।
ਇਸ ਮੌਕੇ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸਹਾਇਤਾ ਦੀ ਮੰਗ ਕਰਨ ਵਾਲੇ ਵਿਅਕਤੀ ਪਟਿਆਲਾ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਵਿਅਕਤੀਗਤ ਤੌਰ ‘ਤੇ ਜਾਂ ਫ਼ੋਨ 0175-2306500 ਅਤੇ ਨਾਲਸਾ ਹੈਲਪ ਲਾਈਨ ਨੰਬਰ 15100 ‘ਤੇ ਸੰਪਰਕ ਕਰ ਸਕਦੇ ਹਨ।