ਐਮ.ਐਲ.ਏ. ਪਠਾਣਮਾਜਰਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਦੇਵੀਗੜ੍ਹ, 27 ਜੁਲਾਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਦੇਖ-ਰੇਖ ਹੇਠ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਹਲਕਾ ਸਨੌਰ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਹਲਕੇ ਦੇ ਪੰਚ-ਸਰਪੰਚ, ਨੰਬਰਦਾਰ, ਚੌਕੀਦਾਰ, ਡਿਪੂ ਹੋਲਡਰ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਸਮੇਤ ਵੱਡੀ ਗਿਣਤੀ ਇਲਾਕੇ ਦੇ ਪਤਵੰਤਿਆਂ ਨੇ ਸ਼ਿਰਕਤ ਕੀਤੀ।
ਐਮ.ਐਲ.ਏ. ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕਾਂ ਨੂੰ ਆਪਣੇ ਪਿੰਡ ਨਸ਼ਾ ਮੁਕਤ ਕਰਨ ਲਈ ਤਹੱਈਆ ਕਰਨ ਦੀ ਅਪੀਲ ਕਰਦਿਆਂ ਜੈਕਾਰਾ ਲਗਾ ਕੇ ਪ੍ਰਣ ਕਰਵਾਇਆ ਕਿ ਉਹ ਆਪਣੇ ਫ਼ਰਜ਼ ਪਛਾਣਦੇ ਹੋਏ ਨਸ਼ੇ ਖਤਮ ਕਰਨ ‘ਚ ਆਪਣਾ ਯੋਗਦਾਨ ਪਾਉਣਗੇ। ਪਠਾਣਮਾਜਰਾ ਨੇ ਲੋਕਾਂ ਨੂੰ ਆਪਸੀ ਲੜਾਈਆਂ ਖਤਮ ਕਰਨ ਦਾ ਵੀ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਹਲਕੇ ‘ਚ 20 ਗਰਾਂਊਂਡ ਖਾਲੀ ਕਰਵਾ ਦਿੱਤੇ ਗਏ ਹਨ, ਇਸ ਲਈ ਲੋਕ ਆਪਣੇ ਬੱਚਿਆਂ ਨੂੰ ਸੰਭਾਲਦੇ ਹੋਏ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਗਰਾਂਊਂਡ ‘ਚ ਜਾਣ ਲਈ ਪ੍ਰੇਰਤ ਕਰਨ।
ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਪੰਜਾਬੀਆਂ ਨੇ ਪਾਕਿਸਤਾਨ ਦਾ ਮੂੰਹ ਮੋੜਿਆ, ਜਿਸ ਲਈ ਗਵਾਂਢੀ ਮੁਲਕ ਨੇ ਸਾਡੀ ਜਵਾਨੀ ਨੂੰ ਖ਼ਤਮ ਕਰਨ ਲਈ ਨਸ਼ੇ ਭੇਜਣੇ ਸ਼ੁਰੂ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਇਕਜੁਟ ਹੋਕੇ ਅੱਤਵਾਦ ਨੂੰ ਖ਼ਤਮ ਕੀਤਾ ਅਤੇ ਹੁਣ ਵਾਰੀ ਨਸ਼ਿਆਂ ਤੇ ਗੈਂਗਸਟਰਵਾਦ ਦੀ ਹੈ। ਆਈ.ਜੀ. ਛੀਨਾ ਨੇ ਲੋਕਾਂ ਨੂੰ ਗੁਰੂ ਸਾਹਿਬਾਨਾਂ ਤੋਂ ਪ੍ਰੇਰਨਾ ਲੈਕੇ ਨਸ਼ਿਆਂ ਨੂੰ ਜੜੋਂ ਮੁਕਾਉਣ ਲਈ ਪੁਲਿਸ ਦਾ ਸਾਥ ਦੇਣ ਦਾ ਵੀ ਸੱਦਾ ਦਿੱਤਾ।
ਐਸ.ਐਸ.ਪੀ. ਦੀਪਕ ਪਾਰੀਕ ਨੇ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ਚਾਰ-ਨੁਕਾਤੀ ਪ੍ਰੋਗਰਾਮ ਤੋਂ ਜਾਣੂ ਕਰਵਾਉਂਦਿਆਂ ਲੋਕਾਂ ਨੂੰ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਕਿਸੇ ਨਸ਼ਾ ਵਰਤਣ ਵਾਲੇ ਵਿਰੁੱਧ ਪਰਚਾ ਦਰਜ ਨਹੀਂ ਕਰੇਗੀ ਸਗੋਂ ਉਸਦਾ ਇਲਾਜ ਕਰਵਾਇਆ ਜਾਵੇਗਾ। ਐਸ.ਐਸ.ਪੀ. ਨੇ ਕਿਹਾ ਕਿ ਪਿੰਡਾਂ ‘ਚ ਨਸ਼ੇ ਵੇਚਣ ਵਾਲੇ, ਸਪਲਾਈ ਕਰਨ ਵਾਲੇ ਅਤੇ ਵੱਡੇ ਤਸਕਰਾਂ ਦੀਆਂ ਸੂਚੀਆਂ ਤਿਆਰ ਕਰਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਬਿਨ੍ਹਾਂ ਪੁਲਿਸ ਵਿਭਾਗ ‘ਚ ਕਾਲੀਆਂ ਭੇਡਾਂ ਨੂੰ ਪਛਾਣ ਕੇ ਬਰਖਾਸਤ ਕੀਤਾ ਜਾ ਰਿਹਾ ਹੈ, ਇਸ ਲਈ ਲੋਕ ਬਿਨਾਂ ਝਿਜਕ ਤੇ ਬਿਨਾਂ ਕਿਸੇ ਡਰ ਤੋਂ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ।
ਸਮਾਗਮ ਮੌਕੇ ਐਸ.ਡੀ.ਐਮ. ਦੁਧਨਸਾਧਾਂ ਕਿਰਪਾਲਵੀਰ ਸਿੰਘ, ਡੀ.ਐਸ.ਪੀ. ਗੁਰਦੇਵ ਸਿੰਘ ਧਾਲੀਵਾਲ ਸਮੇਤ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਤਹਿਸੀਲਦਾਰ, ਐਸ.ਐਮ.ਓ., ਸੀ.ਡੀ.ਪੀ.ਓ., ਬੀ.ਡੀ.ਪੀ.ਓ, ਐਸ.ਐਚ.ਓਜ਼ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ।