ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ
Harpreet Kaur ( TMT)
ਚੰਡੀਗੜ੍ਹ, 16 ਮਈ:
ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ ਜਾਵੇਗਾ।
ਬਿਜਲੀ ਮੰਤਰੀ ਨੇ ਕਿਹਾ ਕਿ ਕਈ ਸੂਬਿਆਂ ਵਿੱਚ ਬਿਜਲੀ ਦੀਆਂ ਦਰਾਂ ਬਹੁਤ ਜ਼ਿਆਦਾ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਰਾਂ ਬਾਕੀ ਸੂਬਿਆਂ ਨਾਲੋਂ ਘੱਟ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕੋਲੇ ਦੀ ਦਰਾਮਦ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਨਵੇਂ ਟਰਾਂਸਫਾਰਮਰ ਲਗਾਉਣ ਦੇ ਖਰਚੇ ਵਧ ਰਹੇ ਹਨ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ, ਉਦਯੋਗ ਲਈ ਸਬਸਿਡੀ ਵਾਲੀ ਬਿਜਲੀ ਅਤੇ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਸਬਸਿਡੀ ਜਾਰੀ ਰਹੇਗੀ ਅਤੇ ਕੋਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ।
ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਾਲ ‘ਚ ਕਈ ਵਾਰ ਬਿਜਲੀ ਦਰਾਂ ‘ਚ ਵਾਧਾ ਕਰਦੀਆਂ ਸਨ, ਜਦਕਿ ਸਾਡੀ ਸਰਕਾਰ ਨੇ ਇੱਕ ਸਾਲ ਬਾਅਦ ਬਿਜਲੀ ਦਰਾਂ ‘ਚ ਮਾਮੂਲੀ ਵਾਧਾ ਕੀਤਾ ਹੈ, ਜਿਸ ਨਾਲ ਮੁਫ਼ਤ ਬਿਜਲੀ ਯੋਜਨਾ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਸਗੋਂ ਸਾਡੀ ਸਰਕਾਰ ਲਗਾਤਾਰ ਮੁਲਾਜ਼ਮਾਂ ਦੀ ਭਰਤੀ ਕਰਕੇ ਅਤੇ ਨਵੇਂ ਮੁਲਾਜ਼ਮਾਂ ਨੂੰ ਤਨਖਾਹ ਸਕੇਲ ਦੇ ਕੇ ਬਿਜਲੀ ਵਿਭਾਗ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੀ ਹੈ।