Punjab-ChandigarhTop News

ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਵਿਕਾਸ ਪੱਖੋਂ ਪਛੜਿਆ: ਮੁੱਖ ਮੰਤਰੀ

Ajay Verma

The Mirror Time

ਪਟਿਆਲਾ, 20 ਜਨਵਰੀ:
  ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਦੇ ਸੱਤਾ ਦਾ ਕੇਂਦਰ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਨ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਸ਼ਾਸਕਾਂ ਨੇ ਸ਼ਹਿਰ ਦੀ ਮਾੜੀ ਹਾਲਤ ਨੂੰ ਸੁਧਾਰਨ ਦੀ ਥਾਂ ਆਪਣੇ ਨਿੱਜੀ ਮਹਿਲਾਂ ਨੂੰ ਸ਼ਿੰਗਾਰਨ ਉਤੇ ਵੱਧ ਧਿਆਨ ਦਿੱਤਾ।
  ਸ਼ਹਿਰ ਦੇ ਵਿਕਾਸ ਲਈ 167 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਸੱਤਾ ਦੇ ‘ਮਹਾਰਾਜਿਆਂ’ ਨੇ ਸ਼ਹਿਰ ਨਾਲੋਂ ਆਪਣੇ ਵਿਕਾਸ ਵੱਲ ਵੱਧ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਪਟਿਆਲਾ ਨੂੰ ‘ਬਾਗ਼ਾਂ ਦੇ ਸ਼ਹਿਰ’ ਵਜੋਂ ਜਾਣਿਆ ਜਾਂਦਾ ਹੈ ਪਰ ਸੱਤਾਧਾਰੀਆਂ ਦੇ ਉਦਾਸੀਨ ਰਵੱਈਏ ਕਾਰਨ ਪਿਛਲੇ ਕੁੱਝ ਸਾਲਾਂ ਵਿੱਚ ਸ਼ਹਿਰ ਨੇ ਆਪਣੀ ਦਿੱਖ ਗਵਾ ਦਿੱਤੀ ਹੈ। ਭਗਵੰਤ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪਟਿਆਲਾ ਨਾਲ ਸਬੰਧਤ ਰਹੇ ਪੰਜਾਬ ਦੇ ਸ਼ਾਸਕਾਂ ਦਾ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਰਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਨਵੇਂ ਬੱਸ ਅੱਡੇ ਤੇ ਸੜਕਾਂ ਦਾ ਨਿਰਮਾਣ, ਮਾਡਲ ਟਾਊਨ ਡਰੇਨ ਦੇ ਚੈਨਲਾਈਜੇਸ਼ਨ ਤੇ ਸੁੰਦਰੀਕਰਨ ਦੇ ਪ੍ਰਾਜੈਕਟ, ਮੁਸਾਫਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਡਿਜੀਟਲ ਲਾਇਬ੍ਰੇਰੀ ਦੇ ਨਿਰਮਾਣ ਤੇ ਹੋਰ ਪ੍ਰਾਜੈਕਟ ਕਾਫ਼ੀ ਲੰਮੇ ਸਮੇਂ ਤੋਂ ਲਟਕ ਰਹੇ ਸਨ। ਪਟਿਆਲਾ ਦੇ ਵਿਕਾਸ ਤੇ ਤਰੱਕੀ ਲਈ ਵਚਨਬੱਧ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਤੇਜ਼ ਗਤੀ ਨਾਲ ਅੱਗੇ ਵਧਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਵਿੱਚ ਬਣ ਰਹੇ ਅਤਿ ਆਧੁਨਿਕ ਬੱਸ ਅੱਡੇ ਦਾ ਕੰਮ ਪਹਿਲੀ ਅਪਰੈਲ ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਬੱਸ ਅੱਡੇ ਦਾ ਨਿਰਮਾਣ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕਰਵਾਇਆ ਜਾ ਰਿਹਾ ਹੈ।
  ਮੁੱਖ ਮੰਤਰੀ ਨੇ ਕਿਹਾ ਕਿ ਬੱਸ ਅੱਡੇ ਦਾ 93 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਅੱਡੇ ਵਿੱਚ ਲਿਫਟ ਤੇ ਰੈਂਪ ਵਰਗੀਆਂ ਸਹੂਲਤਾਂ ਮੁਹੱਈਆ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਅੱਡੇ ਤੋਂ 1500 ਬੱਸਾਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਪੱਧਰ ਉਤੇ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਬੱਸ ਅੱਡੇ ਨੂੰ ਸ਼ਹਿਰ ਦੀ ਸ਼ਟਲ ਬੱਸ ਸੇਵਾ ਲਈ ਵਰਤਿਆ ਜਾਵੇਗਾ, ਜਿਸ ਤੋਂ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਨੁੰ ਬੱਸ ਸੇਵਾ ਚਲਾਈ ਜਾਵੇਗੀ।
  ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਸ਼ੁਰੂ ਕੀਤੇ 342 ਕਰੋੜ ਰੁਪਏ ਦੇ ਪ੍ਰਾਜੈਕਟ ਵਿੱਚ ਸੜਕਾਂ ਦੀ ਮੁੜ ਉਸਾਰੀ ਲਈ 20 ਕਰੋੜ ਰੁਪਏ ਹੋਰ ਵਾਧੂ ਖ਼ਰਚੇ ਜਾ ਰਹੇ ਹਨ ਅਤੇ ਇਹ ਪ੍ਰਾਜੈਕਟ ਵੀ ਜਲਦੀ ਹੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਮਾਡਲ ਟਾਊਨ ਡਰੇਨ ਦੇ ਚੈਨਲਾਈਜੇਸ਼ਨ ਤੇ ਸੁੰਦਰੀਕਰਨ ਦਾ ਪ੍ਰਾਜੈਕਟ 31 ਮਾਰਚ ਤੱਕ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰਾਜਿੰਦਰਾ ਝੀਲ ਨੂੰ ਵਿਸ਼ਵ ਭਰ ਦੇ ਲੋਕਾਂ ਲਈ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮੁਸਾਫਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਦੇ ਡਿਜੀਟਲਾਈਜੇਸ਼ਨ ਉਤੇ 8.26 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ।
  ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਇਨ੍ਹਾਂ ਸਾਰੇ ਪ੍ਰਾਜੈਕਟਾਂ ਉਤੇ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨਿਰਧਾਰਤ ਸਮੇਂ ਵਿੱਚ ਇਹ ਕੰਮ ਮੁਕੰਮਲ ਨਾ ਹੋਏ ਤਾਂ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਬੱਸ ਸਟੈਂਡ ਦਾ ਜਾਇਜ਼ਾ ਲੈਣ ਮੌਕੇ, ਭਾਦਸੋਂ ਰੋਡ ‘ਤੇ ਟਿਵਾਣਾ ਚੌਂਕ ਵਿਖੇ ਮਾਡਲ ਟਾਊਨ ਡਰੇਨ ਦੇ ਨਵੀਨੀਕਰਨ ਦੇ ਨੀਂਹ ਪੱਥਰ ਰੱਖਣ ਮੌਕੇ ਅਤੇ ਸਰਕਟ ਹਾਊਸ ਵਿਖੇ ਲੋਕ ਮਿਲਣੀ ਦੌਰਾਨ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਨੀਨਾ ਮਿੱਤਲ, ਗੁਰਲਾਲ ਘਨੌਰ, ਮੁੱਖ ਮੰਤਰੀ ਦਫ਼ਤਰ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ, ਪੀ.ਆਰ.ਟੀ.ਸੀ. ਦੇ ਐਮ.ਡੀ. ਵਿਪੁਲ ਉਜਵਲ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ, ਰੁਪਿੰਦਰਜੀਤ ਕੌਰ ਸੈਣੀ, ਐਡਵੋਕੇਟ ਰਾਹੁਲ ਸੈਣੀ, ਪ੍ਰਦੀਪ ਜੋਸਨ, ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਕੋ-ਇੰਚਾਰਜ ਪ੍ਰੀਤੀ ਮਲਹੋਤਰਾ, ਆਪ ਪਾਰਟੀ ਦੇ ਸੂਬਾ ਸਕੱਤਰ ਜਰਨੈਲ ਮੰਨੂ, ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਜੱਗਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਜ਼ਿਲ੍ਹਾ ਮਹਿਲਾ ਪ੍ਰਧਾਨ ਵੀਰਪਾਲ ਕੌਰ ਚਹਿਲ, ਸੂਬਾ ਪ੍ਰਧਾਨ ਐਸ.ਸੀ. ਵਿੰਗ ਅਮਰੀਕ ਸਿੰਘ ਬੰਗੜ, ਮੁਲਾਜਮ ਵਿੰਗ ਦੇ ਪ੍ਰਧਾਨ ਪ੍ਰਿੰਸੀਪਲ ਜੇ.ਪੀ. ਸਿੰਘ, ਬਲਵਿੰਦਰ ਸੈਣੀ, ਹਰੀ ਚੰਦ ਬਾਂਸਲ, ਸੰਦੀਪ ਬੰਧੂ, ਗੱਜਣ ਸਿੰਘ, ਜਲ ਨਿਕਾਸ ਵਿਭਾਗ ਦੇ ਨਿਗਰਾਨ ਇੰਜੀਨੀਅਰ ਜੀ.ਐਸ. ਵਿਰਕ, ਕਾਰਜਕਾਰੀ ਇੰਜੀਨੀਅਰ ਰਮਨਦੀਪ ਸਿੰਘ ਬੈਂਸ ਸਮੇਤ ਵੱਡੀ ਗਿਣਤੀ ਸ਼ਹਿਰ ਨਿਵਾਸੀਆਂ ਤੋਂ ਇਲਾਵਾ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਮੈਡੀਕਲ ਕਿੱਤੇ ਸਮੇਤ ਹੋਰ ਵਰਗਾਂ ਅਤੇ ਵਪਾਰੀਆਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ‘ਚ ਪੁੱਜੇ ਹੋਏ ਸਨ।

Spread the love

Leave a Reply

Your email address will not be published. Required fields are marked *

Back to top button