ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਪਟਿਆਲਾ, 17 ਅਕਤੂਬਰ:
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਜਾਗਰੂਕਤਾ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਕਰਵਾਇਆ ਗਿਆ। ਪ੍ਰੋਗਰਾਮ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਨੂੰ ਸੁਚੱਜੇ ਢੰਗ ਨਾਲ ਸਾਂਭਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਹੀ ਵਰਤੋਂ ਕਰਨ ਨਾਲ ਇਹ ਖਾਦ ਬਣ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਂਦੀ ਹੈ ਤੇ ਅੱਗ ਲਗਾਉਣ ਨਾਲ ਇਸ ਦੇ ਉਲਟ ਵਾਤਾਵਰਣ ਨੂੰ ਨੁਕਸਾਨ ਦੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਘਟਾਉਣ ਦੀ ਕੰਮ ਕਰਦੀ ਹੈ।
ਜਾਗਰੂਕਤਾ ਪ੍ਰੋਗਰਾਮ ਦੌਰਾਨ ਡਾ. ਗੁਰਨਾਜ਼ ਸਿੰਘ ਗਿੱਲ ਨੇ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਰਵੋਤਮ ਅਤੇ ਸੁਚੱਜੀ ਵਰਤੋਂ ਬਾਰੇ ਦੱਸਿਆ। ਡਾ. ਪਰਮਿੰਦਰ ਸਿੰਘ ਨੇ ਡੇਅਰੀ ਫਾਰਮਿੰਗ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਜਦਕਿ ਡਾ. ਗੁਰਪ੍ਰੀਤ ਕੌਰ ਨੇ ਖੇਤੀ ਖ਼ਰਚੇ ਘਟਾਉਣ ਅਤੇ ਸ਼ੁੱਧ ਮੁਨਾਫ਼ਾ ਕਮਾਉਣ ਬਾਰੇ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ।
ਇਸੇ ਤਰ੍ਹਾਂ ਡਾ. ਗੁਰਪ੍ਰੀਤ ਸਿੰਘ ਨੇ ਪਰਾਲੀ ਦੀ ਖੇਤ ਵਿਚ ਸੰਭਾਲ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਬਾਰੇ ਸਮਝਾਇਆ। ਇਸ ਮੌਕੇ ਪਿੰਡ ਮਰਦਾਂਪੁਰ, ਦਿੱਤੂਪੁਰ, ਦੌਣਕਲਾਂ, ਖੇੜੀ ਮਾਨੀਆ, ਕਲਿਆਣ, ਭੋਜੋਮਾਜਰੀ, ਗੰਡਾ-ਖੇੜੀ, ਰਸੂਲਪੁਰ ਜੌੜਾਂ, ਕੱਲਰ-ਮਾਜਰੀ, ਅਜਨੋਦਾ, ਮੰਡੋਰ ਅਤੇ ਮਹਿਮੂਦਪੁਰ ਦੇ ਉੱਦਮੀ ਕਿਸਾਨਾਂ ਨੂੰ ਪਰਾਲੀ ਨੂੰ ਸੁਚੱਜੇ ਢੰਗ ਨਾਲ ਖੇਤ ਵਿਚ ਸੰਭਾਲਣ ਅਤੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਪ੍ਰੋਗਰਾਮ ਦੇ ਅਖੀਰ ਵਿੱਚ ਡਾ. ਵਿਪਨ ਕੁਮਾਰ ਰਾਮਪਾਲ ਨੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।