ਪੰਜਾਬ ਸਰਕਾਰ ਵੱਲੋਂ ਗ਼ੈਰ-ਸਰਕਾਰੀ ਸੰਸਥਾਵਾਂ ਲਈ 8 ਕਰੋੜ ਰੁਪਏ ਅਲਾਟ: ਵਿਜੇ ਕੁਮਾਰ ਜੰਜੂਆ
ਚੰਡੀਗੜ੍ਹ, 3 ਸਤੰਬਰ
ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2022-23 ਦੌਰਾਨ ਸੂਬੇ ਵਿੱਚ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼.) ਵੱਲੋਂ ਕੀਤੇ ਜਾ ਰਹੇ ਭਲਾਈ ਅਤੇ ਸਮਾਜਿਕ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ 8 ਕਰੋੜ ਰੁਪਏ ਦੇ ਫੰਡ ਅਲਾਟ ਕੀਤੇ ਹਨ।
ਐਨ.ਜੀ.ਓਜ਼. ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਸਿਖਰਲੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ ਸਮੇਂ-ਸਮੇਂ ‘ਤੇ ਸਬੰਧਤ ਵਿਭਾਗਾਂ ਰਾਹੀਂ ਐਨ.ਜੀ.ਓਜ਼. ਨੂੰ ਵੱਖ-ਵੱਖ ਭਲਾਈ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਿਖਰਲੀ ਕਮੇਟੀ ਸੂਬੇ ਵਿੱਚ ਸਿੱਖਿਆ, ਕਿੱਤਾਮੁਖੀ ਸਿਖਲਾਈ, ਸਮਾਜਿਕ ਨਿਆਂ, ਸਿਹਤ, ਪਸ਼ੂ ਪਾਲਣ, ਸਮਾਜਿਕ ਸੁਰੱਖਿਆ, ਪੇਂਡੂ ਵਿਕਾਸ ਅਤੇ ਬਾਲ ਪੋਸ਼ਣ ਪ੍ਰੋਗਰਾਮਾਂ ਵਰਗੇ ਤਰਜੀਹੀ ਖੇਤਰਾਂ ਵਿੱਚ ਕੰਮ ਕਰ ਰਹੀ ਹੈ ਤਾਂ ਜੋ ਇਨ੍ਹਾਂ ਕੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਸ੍ਰੀ ਜੰਜੂਆ ਨੇ ਦੱਸਿਆ ਕਿ ਕੁੱਲ 8 ਕਰੋੜ ਰੁਪਏ ਦੇ ਫੰਡਾਂ ਵਿੱਚੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਲਈ 3.96 ਕਰੋੜ ਰੁਪਏ, ਪਸ਼ੂ ਪਾਲਣ ਲਈ 2.50 ਕਰੋੜ ਰੁਪਏ ਸਿਹਤ ਵਿਭਾਗ ਲਈ 59 ਲੱਖ ਰੁਪਏ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਲਈ 44 ਲੱਖ ਰੁਪਏ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਲਈ 40 ਲੱਖ ਰੁਪਏ ਅਤੇ ਸਕੂਲ ਸਿੱਖਿਆ ਲਈ 11 ਲੱਖ ਰੁਪਏ ਅਲਾਟ ਕੀਤੇ ਗਏ ਹਨ।
ਮੁੱਖ ਸਕੱਤਰ ਨੇ ਐਨ.ਜੀ.ਓਜ਼ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਲਈ ਅਜਿਹੇ ਸੰਗਠਨਾਂ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵੱਖ-ਵੱਖ ਐਨ.ਜੀ.ਓਜ਼. ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਨਿਖੇੜ ਕੇ ਦੇਖਿਆ ਜਾ ਸਕੇ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਮਾਜ ਦੇ ਲੋੜਵੰਦ ਵਰਗਾਂ ਦੀ ਆਰਥਿਕ ਅਤੇ ਸਮਾਜਿਕ ਉੱਨਤੀ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਇਨ੍ਹਾਂ ਸੰਸਥਾਵਾਂ ਦੀਆਂ ਗਤੀਵਿਧੀਆਂ ਅਤੇ ਵਿਭਾਗਾਂ ਦਰਮਿਆਨ ਮਜ਼ਬੂਤ ਤਾਲਮੇਲ ਹੋਣਾ ਚਾਹੀਦਾ ਹੈ।
ਯੋਜਨਾ ਅਤੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਮੁੱਖ ਸਕੱਤਰ ਨੂੰ ਫੰਡਾਂ ਦੀ ਅਲਾਟਮੈਂਟ ਦੇ ਨਾਲ-ਨਾਲ ਸਬੰਧਤ ਵਿਭਾਗਾਂ ਦੀ ਪਿਛਲੇ ਵਿੱਤੀ ਵਰ੍ਹੇ ਦੀ ਕਾਰਗੁਜ਼ਾਰੀ ਤੋਂ ਵੀ ਜਾਣੂੰ ਕਰਵਾਇਆ।
ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਕਿਰਪਾ ਸ਼ੰਕਰ ਸਰੋਜ, ਪ੍ਰਮੁੱਖ ਸਕੱਤਰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਰਮੇਸ਼ ਕੁਮਾਰ ਗੰਟਾ, ਸਕੱਤਰ, ਸਿਹਤ ਅਜੋਏ ਸ਼ਰਮਾ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ ਅਤੇ ਸੰਯੁਕਤ ਵਿਕਾਸ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਹਾਜ਼ਰ ਸਨ।