Punjab-ChandigarhTop News

ਇਕ ਵਾਰ ਵਰਤੋਂ ਵਾਲੇ ਪਲਾਸਟਿਕ ‘ਤੇ ਪਾਬੰਦੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ 1 ਲੱਖ ਐਨ.ਸੀ.ਸੀ. ਕੈਡਿਟ ਪੰਜਾਬ ਸਰਕਾਰ ਦੀ ਮਦਦ ਕਰਨਗੇ: ਮੀਤ ਹੇਅਰ

ਚੰਡੀਗੜ੍ਹ, 12 ਅਗਸਤ:

ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਐਨ.ਸੀ.ਸੀ. ਕੈਡਿਟਾਂ ਦੀਆਂ ਸੇਵਾਵਾਂ ਲਈ ਅੱਜ ਇੱਥੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਕੈਡਿਟ ਕਾਰਪਸ (ਐਨ.ਸੀ.ਸੀ.) ਦਰਮਿਆਨ ਇੱਕ ਸਮਝੌਤਾ (ਐਮ.ਓ.ਯੂ.) ਹੋਇਆ।

ਅੱਜ ਇੱਥੇ ਸੈਕਟਰ 31 ਸਥਿਤ ਐਨ.ਸੀ.ਸੀ. ਹੈੱਡਕੁਆਰਟਰ ਵਿਖੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਐਨ.ਸੀ.ਸੀ. ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਡਾਇਰੈਕਟੋਰੇਟ ਦੇ ਵਧੀਕ ਡਾਇਰੈਕਟਰ ਜਨਰਲ ਮੇਜਰ ਜਨਰਲ ਰਾਜੀਵ ਛਿੱਬਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕਰੂਨੇਸ਼ ਗਰਗ ਵੱਲੋਂ ਇਸ ਸਮਝੌਤੇ ‘ਤੇ ਦਸਤਖਤ ਕੀਤੇ ਗਏ।

ਇਸ ਨਵੀਨ ਪਹਿਲਕਦਮੀ ਵਿੱਚ ਲਗਭਗ ਇੱਕ ਲੱਖ ਐਨ.ਸੀ.ਸੀ. ਕੈਡਿਟ ਸ਼ਾਮਲ ਹੋਣਗੇ ਅਤੇ ਇਹ ਪਹਿਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਅਗਸਤ ਨੂੰ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਵਿਰੁੱਧ ਰਾਜ ਵਿਆਪੀ ਪੱਧਰ ‘ਤੇ ਸ਼ੁਰੂ ਕੀਤੀ ਗਈ ਮੁਹਿੰਮ ਦਾ ਹਿੱਸਾ ਹੈ। ਵਿਭਾਗ ਵੱਲੋਂ ਜ਼ਿਲ੍ਹਿਆਂ, ਸਬ ਡਵੀਜ਼ਨਾਂ, ਸ਼ਹਿਰਾਂ ਅਤੇ ਪਿੰਡਾਂ ਵਿੱਚ ਸਿੰਗਲ ਯੂਜ਼ ਪਲਾਸਟਿਕ/ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ‘ਤੇ ਰੋਕ ਲਾਉਣ ਸਬੰਧੀ  ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਪ੍ਰੋਗਰਾਮ ਵੀ ਸ਼ੁਰੂ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਸਦੇ ਬਦਲ ਅਪਣਾਉਣ ਦੀ ਅਪੀਲ ਕੀਤੀ ਜਾਵੇਗੀ।

ਸੂਬੇ ਨੂੰ ਪਲਾਸਟਿਕ ਰਹਿੰਦ-ਖੂੰਹਦ/ਪਲਾਸਟਿਕ ਦੇ ਥੈਲਿਆਂ ਤੋਂ ਮੁਕਤ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਨੈਸ਼ਨਲ ਕੈਡਿਟ ਕਾਰਪਸ (ਐਨ.ਸੀ.ਸੀ.) ਦੀਆਂ ਵੱਖ-ਵੱਖ ਇਕਾਈਆਂ ਦੇ ਅਧਿਕਾਰੀਆਂ/ਕੈਡਿਟਾਂ ਦੀ ਸਹਾਇਤਾ ਵੀ ਲਈ ਜਾਵੇਗੀ। ਸ੍ਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਵਾਲਾ ਸਭ ਤੋਂ ਸਿਹਤਮੰਦ ਸੂਬਾ ਬਣਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਮੇਜਰ ਜਨਰਲ ਰਾਜੀਵ ਛਿੱਬਰ ਨੇ ਪੁਰਜ਼ੋਰ ਉਮੀਦ ਜ਼ਾਹਰ ਕੀਤੀ ਕਿ ਇਹ ਸਮਝੌਤਾ ਪੰਜਾਬ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਸਹਾਈ ਸਿੱਧ ਹੋਵੇਗਾ।

ਜ਼ਿਕਰਯੋਗ ਹੈ ਕਿ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਮੌਸਮੀ ਤਬਦੀਲੀ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਤਹਿਤ 1 ਜੁਲਾਈ, 2022 ਤੋਂ ਚੋਣਵੀਆਂ ਸਿੰਗਲ ਯੂਜ਼ ਪਲਾਸਟਿਕ (ਐਸ.ਯੂ.ਪੀ.) ਵਸਤੂਆਂ ਦੇ ਨਿਰਮਾਣ, ਦਰਾਮਦ, ਭੰਡਾਰਨ, ਵੰਡ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ।

Spread the love

Leave a Reply

Your email address will not be published. Required fields are marked *

Back to top button