Punjab-ChandigarhTop News

ਮੁੱਖ ਮੰਤਰੀ ਵੱਲੋਂ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ

ਚੰਡੀਗੜ੍ਹ, 16 ਦਸੰਬਰ:

ਤਕਨੀਕੀ ਸਿਖਲਾਈ ਸੰਸਥਾਵਾਂ ਨੂੰ ਪਾਰਦਰਸ਼ੀ, ਕੁਸ਼ਲ, ਭਰੋਸੇਮੰਦ ਅਤੇ ਸੁਵਿਧਾਜਨਕ ਤਰੀਕੇ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ ਕੀਤੀ।

ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੋਰਟਲ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਪੋਰਟਲ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਨਾਲ ਬੋਰਡ ਦਾ ਕੰਮਕਾਜ ਸੁਚਾਰੂ ਢੰਗ ਨਾਲ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਹਰ ਸਾਲ ਲਗਭਗ 250 ਸੰਸਥਾਵਾਂ ਦੀ ਐਫੀਲੀਏਸ਼ਨ ਸਬੰਧੀ ਫਾਈਲਾਂ ਨੂੰ ਵਿਚਾਰਿਆ ਜਾਂਦਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਇਹ ਸੰਸਥਾਵਾਂ ਅਨੁਸੂਚੀ ਸਮੇਤ ਲਗਭਗ 125 ਪੰਨਿਆਂ ਦਾ ਭਰਿਆ ਹੋਇਆ ਐਫੀਲੀਏਸ਼ਨ ਪ੍ਰੋਫਾਰਮਾ ਫਿਜ਼ੀਕਲ ਫਾਈਲ ਦੇ ਰੂਪ ਵਿੱਚ ਜਮ੍ਹਾਂ ਕਰਵਾਉਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਸੰਸਥਾਵਾਂ ਵੱਲੋਂ ਲੋੜੀਂਦੀ ਐਫੀਲੀਏਸ਼ਨ ਫੀਸ ਵੀ ਡਿਮਾਂਡ ਡਰਾਫਟ ਦੇ ਰੂਪ ਵਿੱਚ ਹੀ ਜਮ੍ਹਾਂ ਕਰਵਾਈ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਬਿਨੈਕਾਰ ਸੰਸਥਾਵਾਂ ਨੂੰ ਐਫੀਲੀਏਸ਼ਨ ਪ੍ਰੋਫਾਰਮਾ ਅਤੇ ਹੋਰ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਬੋਰਡ ਦੇ ਦਫਤਰ ਜਾਣ ਦੀ ਲੋੜ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸੰਸਥਾਵਾਂ ਆਪਣੇ ਲੌਗਇਨ/ਪਾਸਵਰਡ ਨਾਲ ਕਿਸੇ ਵੀ ਥਾਂ ਤੋਂ ਐਫੀਲੀਏਸ਼ਨ ਪ੍ਰੋਫਾਰਮੇ ਨੂੰ ਹੋਰ ਦਸਤਾਵੇਜ਼ਾਂ ਦੇ ਨਾਲ ਡਾਊਨਲੋਡ/ਅਪਲੋਡ ਕਰ ਸਕਦੀਆਂ ਹਨ ਅਤੇ ਲੋੜੀਂਦੀ ਫੀਸ ਜਮ੍ਹਾਂ ਕਰਵਾ ਸਕਦੀਆਂ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੋਰਟਲ ਇਹ ਯਕੀਨੀ ਬਣਾਉਣ ਵਿੱਚ ਵੀ ਮਦਦ ਕਰੇਗਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਐਫੀਲੀਏਸ਼ਨ ਲਈ ਇਕੱਤਰ ਕੀਤੇ ਗਏ ਡੇਟਾ ਦੇ ਵਿਸ਼ਲੇਸ਼ਣ ਦੀ ਪ੍ਰਕਿਰਿਆ ਹੋਰ ਤੇਜ਼ ਅਤੇ ਕੁਸ਼ਲ ਬਣੇ।

ਵਿਦਿਆਰਥੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਵੱਡੇ ਪੱਧਰ `ਤੇ ਨਿਵੇਸ਼ ਲਈ ਅੱਗੇ ਆ ਰਹੇ ਉਦਯੋਗ ਜਗਤ ਦੇ ਦਿੱਗਜਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਤਕਨੀਕੀ ਸਿੱਖਿਆ ਰਾਹੀਂ ਸੂਬੇ ਕੋਲ ਹੁਨਰਮੰਦ ਮਨੁੱਖੀ ਸ਼ਕਤੀ ਦਾ ਵੱਡਾ ਪੂਲ ਹੋਵੇਗਾ, ਜੋ ਉਦਯੋਗ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਨਰਮੰਦ ਸਿੱਖਿਆ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਸਤੇ ਵੀ ਖੋਲ੍ਹੇਗੀ, ਜਿਸ ਨਾਲ ਉਹ ਮਾਣ ਅਤੇ ਸਤਿਕਾਰ ਭਰਿਆ ਜੀਵਨ ਬਤੀਤ ਕਰ ਸਕਣਗੇ।     

Spread the love

Leave a Reply

Your email address will not be published. Required fields are marked *

Back to top button