ਪੰਜਾਬ ਵਿਧਾਨ ਸਭਾ ਚੋਣਾਂ 2022: ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 74.90 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਸੀਈਓ ਪੰਜਾਬ
ਚੰਡੀਗੜ੍ਹ, 23 ਜਨਵਰੀ:
ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 22 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 74.90 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਵੇਰਵੇ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 3.62 ਕਰੋੜ ਰੁਪਏ ਦੀ 11.38 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 56.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.05 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1140 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2555 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1426 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 287 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2366 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 173 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 9077 ਨਾਕੇ ਲਾਏ ਗਏ ਹਨ।
ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 369086 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 41 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।————