ਸਕੂਲ ਸਿੱਖਿਆ ਵਿਭਾਗ ਵਿੱਚ ਜਲਦ ਸ਼ੁਰੂ ਹੋਵੇਗੀ ਈ.ਟੀ.ਟੀ. ਅਧਿਆਪਕਾਂ ਦੀ ਭਰਤੀ
ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਈਟੀਟੀ ਅਸਾਮੀਆਂ ਲਈ ਜਲਦ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ।
ਬੁਲਾਰੇ ਨੇ ਦੱਸਿਆ ਕਿ ਕੁਝ ਅਦਾਲਤੀ ਕੇਸਾਂ ਕਾਰਨ ਈਟੀਟੀ ਅਧਿਆਪਕਾਂ ਦੀ ਭਰਤੀ ਦੇਰੀ ਹੋ ਗਈ ਹੈ ਪਰ ਸਿੱਖਿਆ ਵਿਭਾਗ ਵੱਲੋਂ ਪੂਰੀ ਸੁਹਿਰਦਤਾ ਨਾਲ ਇਹਨਾਂ ਕੇਸਾਂ ਦੀ ਪੈਰਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੁਣ ਸਿੱਖਿਆ ਵਿਭਾਗ ਵੱਲੋਂ ਈਟੀਟੀ ਅਧਿਆਪਕਾਂ ਦੀ ਭਰਤੀ ਸਬੰਧੀ ਨਿਯਮਾਂ ਵਿੱਚ ਵੀ ਸੋਧ ਕਰ ਦਿੱਤੀ ਗਈ ਹੈ ਜਿਸ ਸਦਕਾ ਵਿਭਾਗ ਈਟੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰਨ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕੁਝ ਸ਼ਰਾਰਤੀ ਅਨਸਰ ਜਾਣ ਬੁੱਝ ਕੇ ਨੌਜਵਾਨਾਂ ਨੂੰ ਗਲਤ ਰਾਹ ‘ਤੇ ਤੌਰ ਕੇ ਵਿਭਾਗ ਨੂੰ ਧਰਨੇ ਮੁਜ਼ਾਹਰਿਆਂ ਦੀਆਂ ਧਮਕੀਆਂ ਵੀ ਦਵਾ ਰਹੇ ਹਨ।
ਬੁਲਾਰੇ ਨੇ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਦੀ ਵੀ ਗੱਲਾਂ ਵਿੱਚ ਨਾ ਆਉਣ ਅਤੇ ਸਰਕਾਰ ਨੂੰ ਕੁਝ ਸਮਾਂ ਦੇਣ ਤਾਂ ਜੋ ਸਾਰੀਆਂ ਪ੍ਰਕਿਰਿਆਵਾਂ ਨੂੰ ਨਿਯਮਾਂ ਅਨੁਸਾਰ ਮੁਕੰਮਲ ਕਰਦੇ ਹੋਏ ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਸਕੇ।
ਸਿਆਸੀ ਹਿੱਤਾਂ ਲਈ ਬੇਰੁਜ਼ਗਾਰ ਅਧਿਆਪਕਾਂ ਨੂੰ ਵਰਤਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਜੇਕਰ ਸ਼ਰਾਰਤੀ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ ਨਾ ਆਏ ਤਾਂ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।