ਸ਼੍ਰੋਮਣੀ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਹੀਦ ਹੋਏ ਸਿੰਘਾਂ ਦਾ 100 ਸਾਲਾ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ : ਪ੍ਰੋ. ਬਡੂੰਗਰ
Fatehgarh Sahib,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੋਰਚਾ ਗੁਰੂ ਕਾ ਬਾਗ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਸ਼ਹੀਦ ਹੋਏ ਸਿੰਘਾਂ ਦੇ 100 ਸਾਲਾ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ, ਜਿਸ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਸਬ ਕਮੇਟੀ ਦੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿੱਚ ਸਬ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਪ੍ਰਿਤਪਾਲ ਸਿੰਘ ਵਾਈਸ ਚਾਂਸਲਰ,ਡਾ. ਕਸ਼ਮੀਰ ਸਿੰਘ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ, ਡਾ. ਲਖਵੀਰ ਸਿੰਘ ਪ੍ਰਿੰਸੀਪਲ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਭਗਵੰਤ ਸਿੰਘ ਧੰਗੇੜਾ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਨਰਿੰਦਰਜੀਤ ਸਿੰਘ ਭਵਾਨੀਗਡ਼੍ਹ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਡਾ. ਕਿਰਨਦੀਪ ਕੌਰ ਮੁਖੀ, ਧਰਮ ਅਧਿਐਨ ਵਿਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ਼ਾਮਲ ਹੋਏ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮੋਰਚਾ ਗੁਰੂ ਕਾ ਬਾਗ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਸ਼ਹੀਦ ਹੋਏ ਸਿੰਘਾਂ ਦੇ 100 ਸਾਲਾ ਸ਼ਹੀਦੀ ਦਿਹਾਡ਼ੇ ਨੂੰ ਸਮਰਪਤ ਇਨ੍ਹਾਂ ਸ਼ਹੀਦਾਂ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਅਤੇ ਡਾਕੂਮੈਂਟਰੀਆਂ ਤਿਆਰ ਕਰਵਾਈਆਂ ਜਾਣਗੀਆਂ ।
ਪ੍ਰੋ. ਬਡੂੰਗਰ ਨੇ ਦੱਸਿਆ ਕਿ ਇਨ੍ਹਾਂ ਸੈਮੀਨਾਰਾਂ ਦੀ ਲੜੀ ਤਹਿਤ ਪਹਿਲਾ ਸੈਮੀਨਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਅਤੇ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਵਲੋਂ ਸਾਂਝੇ ਤੌਰ ਤੇ ਇੰਜਨੀਅਰਿੰਗ ਕਾਲਜ ਦੇ ਆਡੀਟੋਰੀਅਮ ਵਿਖੇ 18 ਅਗਸਤ ਨੂੰ ਕਰਵਾਇਆ ਜਾਵੇਗਾ, ਦੂਸਰਾ ਸਮਾਗਮ ਕਰਨਾਲ ਹਰਿਆਣਾ, ਤੀਸਰਾ ਵਿਰਾਸਤ-ਏ-ਖਾਲਸਾ ਸ੍ਰੀ ਆਨੰਦਪੁਰ ਸਾਹਿਬ, ਚੌਥਾ ਸੈਮੀਨਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ, ਪੰਜਵਾਂ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਲੁਧਿਆਣਾ, ਛੇਵਾਂ ਸੈਮੀਨਾਰ ਦਿੱਲੀ ਵਿਖੇ ਹੋਵੇਗਾ, ਜਦੋਂਕਿ 7ਵਾਂ ਮੁੱਖ ਸਮਾਗਮ ਗੁਰਦੁਆਰਾ ਘੁੱਕੇਵਾਲੀ ਗੁਰੂ ਕਾ ਬਾਗ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਲੋੜ ਅਨੁਸਾਰ ਹੋਰ ਸਮਾਗਮ ਵੀ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਜਾ ਸਕਦੇ ਹਨ । ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੁੱਚੇ ਸਮਾਗਮਾਂ ਦੇ ਪ੍ਰਬੰਧ ਨੂੰ ਲੈ ਕੇ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਭਗਵੰਤ ਸਿੰਘ ਧੰਗੇੜਾ ਨੂੰ ਸਮਾਗਮਾਂ ਦੇ ਸਹਾਇਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ।