ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਪਹੁੰਚੇ ਚੰਡੀਗੜ੍ਹ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਲ ਹੀ ਵਿੱਚ ਉਨ੍ਹਾਂ ਦੀ ਰਿਹਾਇਸ਼ ਦੀ ਫੇਰੀ ਦੌਰਾਨ ਉਨ੍ਹਾਂ ਕੇਂਦਰੀ ਏਜੰਸੀ ਤੋਂ ਜਾਂਚ ਦੀ ਮੰਗ ਨੂੰ ਦਬਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਸੀ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਨੇਤਾਵਾਂ ਨੇ ਉਨ੍ਹਾਂ ਨੂੰ ਚੰਡੀਗੜ੍ਹ ਬੁਲਾਇਆ ਹੈ, ਜਿਸ ਤੋਂ ਬਾਅਦ ਮੂਸੇਵਾਲਾ ਦਾ ਪਰਿਵਾਰ ਚੰਡੀਗੜ੍ਹ ਪਹੁੰਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਸ਼ਾਮ 5 ਵਜੇ ਚੰਡੀਗੜ੍ਹ ਦੇ ਹੋਟਲ ਜੇ ਡਬਲਿਊ ਮੈਰੀਅਟ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।
ਵੀਰਵਾਰ ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਆਪਣੇ ਪੁੱਤਰ ਦੇ ਕਤਲ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਮੂਸੇਵਾਲਾ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕੇਸ ਵਿੱਚ ਸੀਬੀਆਈ ਅਤੇ ਹੋਰ ਕੇਂਦਰੀ ਏਜੰਸੀਆਂ ਦਾ ਵੀ ਸਹਿਯੋਗ ਲਿਆ ਜਾਣਾ ਚਾਹੀਦਾ ਹੈ। ਫਿਲਹਾਲ ਪੰਜਾਬ ਪੁਲਿਸ ਵੱਲੋਂ ਗਠਿਤ ਐਸਆਈਟੀ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦੀਆਂ ਕਈ ਟੀਮਾਂ ਨੇੜਲੇ ਰਾਜਾਂ ਵਿੱਚ ਛਾਪੇਮਾਰੀ ਕਰ ਰਹੀਆਂ ਹਨ। ਦਿੱਲੀ ਪੁਲਿਸ ਵੀ ਜਾਂਚ ਵਿੱਚ ਲੱਗੀ ਹੋਈ ਹੈ। ਲਾਰੇਂਸ ਬਿਸ਼ਨੋਈ ਤੋਂ ਇਨਪੁਟ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਨੇ ਨੇਪਾਲ ਵਿੱਚ ਵੀ ਛਾਪੇਮਾਰੀ ਕੀਤੀ ਹੈ।