Punjab-ChandigarhTop News

ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਆਧੁਨਿਕ ਖੇਤੀ ਤਕਨੀਕਾਂ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਰਣਨੀਤਕ ਸਬੰਧਾਂ ਦੀ ਸੰਭਾਵਨਾ


ਚੰਡੀਗੜ੍ਹ, 9 ਸਤੰਬਰ:

ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਤੋਂ 18 ਸਤੰਬਰ ਤੱਕ ਜਰਮਨੀ ਦੇ ਦੌਰੇ ਉਤੇ ਜਾਣਗੇ।


ਇਸ ਦੌਰੇ ਦੌਰਾਨ ਮੁੱਖ ਮੰਤਰੀ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਆਧੁਨਿਕ ਖੇਤੀ ਤਕਨੀਕਾਂ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਸਾਂਝ ਵਧਾਉਣ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਨਾਲ ਮੁਲਾਕਾਤ ਕਰਨਗੇ। ਭਗਵੰਤ ਮਾਨ ਮਿਊਨਿਖ, ਫਰੈਂਕਫਰਟ ਅਤੇ ਬਰਲਿਨ ਵਿਖੇ ਆਪਣੇ ਠਹਿਰਾਅ ਦੌਰਾਨ ਬੀ.ਐੱਮ.ਡਬਲਿਊ., ਬੇਅ ਵਾਅ ਵਰਗੀਆਂ ਨਾਮੀਂ ਕੰਪਨੀਆਂ ਅਤੇ ਹੋਰ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦੀ ਇਸ ਅਹਿਮ ਫੇਰੀ ਨਾਲ ਸੂਬੇ ਵਿੱਚ ਵੱਡੇ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਜਰਮਨ ਕੰਪਨੀਆਂ ਤੋਂ ਮੁਹਾਰਤ ਹਾਸਲ ਕਰਨ ਲਈ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਸੂਬੇ ਨੂੰ ਸਨਅਤੀ ਹੱਬ ਵਜੋਂ ਉਭਾਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ `ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਰਮਨ ਟੂਰ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ, ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਖੋਲ੍ਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ `ਤੇ ਜਰਮਨੀ ਵਿੱਚ ਉੱਦਮੀਆਂ ਲਈ ਪੰਜਾਬ ਨੂੰ ਮੌਕਿਆਂ ਅਤੇ ਤਰੱਕੀ ਕਰਨ ਵਾਲਿਆਂ ਦੀ ਧਰਤੀ ਵਜੋਂ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।    

Spread the love

Leave a Reply

Your email address will not be published. Required fields are marked *

Back to top button