ਸਰਕਾਰੀ ਮਹਿੰਦਰਾ ਕਾਲਜ ਵਿਖੇ ਕਰਵਾਇਆ ਸਵੱਛ ਭਾਰਤ ਮੁਹਿੰਮ ਦਾ ਜ਼ਿਲਾ ਪੱਧਰੀ ਸਮਾਗਮ

ਪਟਿਆਲਾ, 14 ਅਕਤੂਬਰ: ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਆਊਟਰੀਚ ਬਿਊਰੋ ਵੱਲੋਂ ਮਹਿੰਦਰਾ ਕਾਲਜ ਵਿਖੇ ਸਵੱਛਤਾ ਦਾ ਸੁਨੇਹਾ ਦਿੰਦਿਆਂ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ‘ਚ ਐੱਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸਵੱਛ ਭਾਰਤ ਦੇ ਥੀਮ ‘ਤੇ ਆਧਾਰਿਤ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਨੇ ਕਿਹਾ ਕਿ ਵਿਕਸਿਤ ਮੁਲਕਾਂ ਵੱਲੋਂ ਸਾਫ ਸਫਾਈ ਵੱਲ ਵਧੇਰੇ ਧਿਆਨ ਦਿੱਤਾ ਜਾਂਦਾ ਹੈ ਅਤੇ ਸਾਡੇ ਮੁਲਕ ਵਿਚ ਵੀ ਅਜਿਹੀ ਪਹਿਲ ਸਰਕਾਰ ਦੇ ਨਾਲ-ਨਾਲ ਲੋਕਾਂ ਨੂੰ ਕਰਨੀ ਹੋਵੇਗੀ। ਕਿਉਂਕਿ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾ ਕੋਈ ਨੀਤੀ ਸਫਲ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਇਸ ਮੁੱਦੇ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਜ਼ਮੀਨੀ ਪੱਧਰ ‘ਤੇ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਦੀ ਕੋਸ਼ਿਸ਼ ਵੱਡੇ ਪੱਧਰ ‘ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੱਧ ਚੜ੍ਹ ਕੇ ਇਸ ਮੁਹਿੰਮ ‘ਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਜ਼ਿਲੇ ਵਿੱਚ ਵੱਡੇ ਪੱਧਰ ‘ਤੇ ਕੋਵਿਡ-19 ਦਾ ਮੁਫ਼ਤ ਟੀਕਾਕਰਨ ਅਭਿਆਨ ਚਲ ਰਿਹਾ ਹੈ। ਇਸੇ ਲੜੀ ਵਿਚ ਮਹਿੰਦਰਾ ਕਾਲਜ ਵਿੱਚ ਵੀ ਵੈਕਸੀਨੇਸ਼ਨ ਕੈਂਪ ਲਾਇਆ ਗਿਆ ਹੈ, ਜਿਸ ਦਾ ਇਲਾਕਾ ਵਾਸੀ ਲਾਹਾ ਚੁੱਕ ਰਹੇ ਨੇ।
ਇਸ ਮੌਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ) ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ‘ਤੇ ਸਵੱਛਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਜੇ ਭਾਰਤ ਵਿੱਚ ਸਵੱਛ ਭਾਰਤ ਅਭਿਆਨ ਸਹੀ ਮਾਇਨੇ ਵਿੱਚ ਸਫ਼ਲ ਹੁੰਦਾ ਹੈ ਤਾਂ ਹਰ ਪਰਿਵਾਰ ਨੂੰ 50 ਹਜ਼ਾਰ ਰੁਪਏ ਸਾਲਾਨਾ ਦਾ ਫ਼ਾਇਦਾ ਹੋਵੇਗਾ।
ਇਸ ਮੌਕੇ ਕਾਲਜ ਦੀ ਵਾਈਸ ਪ੍ਰਿੰਸੀਪਲ ਮੀਨੂ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਵੱਛ ਭਾਰਤ ਮੁਹਿੰਮ ‘ਤੇ ਆਧਾਰਿਤ ਅਜਿਹੇ ਪ੍ਰੋਗਰਾਮ ਦੇਸ਼ ਭਰ ਵਿੱਚ ਕਰਵਾਏ ਜਾ ਰਹੇ ਨੇ, ਜੋ ਕਿ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਲੋਂ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ।
ਇਸਦੇ ਨਾਲ ਹੀ ਨਗਰ ਨਿਗਮ ਦੇ ਹੈਲਥ ਅਫ਼ਸਰ ਜਸਵੀਰ ਕੌਰ, ਸਵੱਛ ਭਾਰਤ ਅਭਿਆਨ ਦੇ ਪ੍ਰੋਗਰਾਮ ਕੋਆਰਡੀਨੇਟਰ ਮਨਪ੍ਰੀਤ ਬਾਜਵਾ ਅਤੇ ਅਮਨਦੀਪ ਸੇਖੋਂ ਨੇ ਵੀ ਲੋਕਾਂ ਨੂੰ ਸਵੱਛਤਾ ਬਾਰੇ ਜਾਗਰੂਕ ਕੀਤਾ।
ਪ੍ਰੋਗਰਾਮ ਦੌਰਾਨ ਵਿਦਿਆਥੀਆਂ ਅਤੇ ਅਧਿਆਪਕਾਂ ਵੱਲੋਂ ਇਹ ਵਾਅਦਾ ਕੀਤਾ ਗਿਆ ਕਿ ਉਹ ਭਵਿੱਖ ਵਿੱਚ ਨਾ ਸਿਰਫ ਆਪਣਾ ਘਰ ਬਲਕਿ ਪੂਰੇ ਦੇਸ਼ ਨੂੰ ਸਾਫ਼ ਰੱਖਣ ਦਾ ਸੰਕਲਪ ਲੈਂਦੇ ਨੇ। ਇਸਦੇ ਨਾਲ ਹੀ ਵੱਖੋ ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਸ ਮੌਕੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਐਨ.ਸੀ.ਸੀ., ਐਨ.ਐੱਸ.ਐੱਸ. ਅਤੇ ਐਨ.ਵਾਈ.ਕੇ.ਐੱਸ. ਨੇ ਵੱਧ ਚੜ੍ਹ ਕੇ ਲਿਆ ਹਿੱਸਾ ਲਿਆ।
ਇਸ ਮੌਕੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਮਹਿੰਦਰਾ ਕਾਲਜ, ਨਗਰ ਨਿਗਮ ਅਤੇ ਸਰਕਾਰੀ ਮਲਟੀਪਰਪਜ ਸਕੂਲ ਨੂੰ ਸਵੱਛਤਾ ਮੁਹਿੰਮ ਦਾ ਸੁਨੇਹਾ ਦਿੰਦਿਆਂ ਸਨਮਾਨ ਵਜੋਂ ਕੂੜੇਦਾਨ ਵੀ ਦਿੱਤੇ ਗਏ।
ਬਹਿਰਹਾਲ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਕੀਤਾ ਗਿਆ ਇਹ ਪ੍ਰੋਗਰਾਮ ਸਫਲ ਹੋ ਨਿੱਬੜਿਆ ਅਤੇ ਇਲਾਕਾ ਵਾਸੀਆਂ ਵਿੱਚ ਸਵੱਛਤਾ ਦੀ ਮਹੱਤਤਾ ਦੇ ਨਾਲ ਨਾਲ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੁਨੇਹਾ ਦਿੰਦਿਆਂ ਇੱਕ ਨਵੀਂ ਊਰਜਾ ਦਾ ਸੰਚਾਰ ਕਰ ਗਿਆ।