ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਪ੍ਰਣ ਲਿਆ
ਚੰਡੀਗੜ੍ਹ, 28 ਸਤੰਬਰ:
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਮਿਲ ਕੇ ਸ਼ਹੀਦ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਪ੍ਰਣ ਲਿਆ। ਦੱਸ ਦੇਈਏ ਕਿ ਰਾਜ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਆਨਲਾਈਨ ਵਿਧੀ ਰਾਹੀਂ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਜੁੜੇ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਚਾਰ ਸੁਣੇ।
ਸੂਬੇ ਦੇ ਸਮੂਹ ਸਕੂਲਾਂ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ, ਜਿਥੇ ਸਵੇਰ ਦੀ ਸਭਾ ਦੌਰਾਨ ਅਧਿਆਪਕਾਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਸ਼ਹੀਦ ਵੱਲੋਂ ਦਰਸਾਏ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਦੇਸ਼ ਭਗਤੀ ਨਾਲ ਸਬੰਧਤ ਗੀਤ, ਕਵਿਤਾਵਾਂ ਸੁਣਾਈਆਂ ਗਈਆਂ। ਇਸੇ ਤਰ੍ਹਾਂ ਸਕੂਲਾਂ ਵਿੱਚ ਸ਼ਹੀਦ ਭਗਤ ਸਿੰਘ ਦੀ ਜੀਵਨੀ ਨਾਲ ਸਬੰਧਤ ਪ੍ਰਸ਼ਨੋਤਰੀ, ਪੇਂਟਿੰਗ, ਕੋਰਿਓਗ੍ਰਾਫੀ ਆਦਿ ਦੇ ਮੁਕਾਬਲੇ, ਸਾਈਕਲ ਰੈਲੀਆਂ ਅਤੇ ਨਾਟਕ ਕਰਵਾਏ ਗਏ।