ਡੀਲਰ ਜਾਂ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ ਕਿਸਾਨ
ਚੰਡੀਗੜ੍ਹ, 15 ਜੂਨ:
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਾਉਣ ਲਈ 30 ਜੂਨ ਤੱਕ ਦਾ ਸਮਾਂ ਦਿੱਤਾ ਹੈ।
ਇਹ ਐਲਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਵਿਖੇ ਟਰੈਕਟਰ ਡੀਲਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਟਰੈਕਟਰ ਨੂੰ ਸੂਬੇ ਦੀ ਖੇਤੀ ਆਰਥਿਕਤਾ ਦਾ ਧੁਰਾ ਮੰਨਦਿਆਂ ਅਤੇ ਕਿਸਾਨਾਂ ਦਾ ਗੱਡਾ ਕਰਾਰ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਭਲਾਈ ਲਈ ਹਰ ਹੰਭਲਾ ਮਾਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀਆਂ ਸ਼ਰਤਾਂ ਮੁਤਾਬਕ ਸੂਬੇ ਵਿੱਚ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਸੀ ਜਿਸ ਕਾਰਨ ਕਿਸਾਨਾਂ ਅਤੇ ਡੀਲਰਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਕਿਸਾਨ ਅਤੇ ਡੀਲਰ 30 ਜੂਨ ਤੱਕ ਟ੍ਰੈਮ-3 ਸਟੈਂਡਰਡ ਦੇ ਟਰੈਕਟਰਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਡੀਲਰ ਆਪਣੀ ਆਈ.ਡੀ. ਵਿੱਚੋਂ ਰਜਿਸਟ੍ਰੇਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਜਿੱਥੇ ਡੀਲਰ ਆਈ.ਡੀ. ਉਪਲਬਧ ਨਹੀਂ ਹੈ, ਉਥੇ ਆਰ.ਟੀ.ਏ/ਐਸ.ਡੀ.ਐਮ ਦੀ ਆਈ.ਡੀ. ਵਿੱਚੋਂ ਟਰੈਕਟਰ ਦੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇਗੀ।
ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ. ਸਕੱਤਰ ਸਿੰਘ ਬੱਲ ਅਤੇ ਹੋਰ ਅਧਿਕਾਰੀ ਮੌਜੂਦ ਸਨ।