Punjab-ChandigarhTop News

ਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ; ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ

ਚੰਡੀਗੜ੍ਹ, 11 ਜਨਵਰੀ:

ਸੂਬੇ ਵਿੱਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਮੌਤਾਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਅਤੇ ਖ਼ਾਸਕਰ ਰਾਹਗੀਰਾਂ ਨੂੰ ਜ਼ਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਉਣੀ ਪਵੇਗੀ ਅਤੇ ਇੱਕ ਹਫ਼ਤੇ ਦੀ ਬਜਾਏ ਸਾਰਾ ਸਾਲ ਖ਼ੁਦ ਨੂੰ ਸੜਕ ਸੁਰੱਖਿਆ ਨੂੰ ਸਮਰਪਿਤ ਕਰਨਾ ਪਵੇਗਾ।

ਸੜਕੀ ਆਵਾਜਾਈ ਅਤੇ ਰਾਜ-ਮਾਰਗ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 11 ਤੋਂ 17 ਜਨਵਰੀ, 2023 ਤੱਕ ਸੜਕ ਸੁਰੱਖਿਆ ਹਫ਼ਤਾ ਮਨਾਉਣ ਦੇ ਫ਼ੈਸਲੇ ਤਹਿਤ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਉਲੀਕੇ ਪ੍ਰੋਗਰਾਮ ਦਾ ਆਗ਼ਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਵੱਡੇ ਅਤੇ ਘਾਤਕ ਸੜਕ ਹਾਦਸੇ ਦਸੰਬਰ ਤੋਂ ਫ਼ਰਵਰੀ ਤੱਕ ਧੁੰਦ ਦੇ ਮੌਸਮ ਦੌਰਾਨ ਵਾਪਰਦੇ ਹਨ, ਜਿਨ੍ਹਾਂ ਨੂੰ ਘਟਾਉਣਾ ਵੱਡੀ ਚੁਣੌਤੀ ਹੈ ਅਤੇ ਇਸ ਲਈ ਵਿਸ਼ੇਸ਼ ਮੁਹਿੰਮ ਦੀ ਲੋੜ ਹੈ। ਉਨ੍ਹਾਂ ਟ੍ਰੈਫ਼ਿਕ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣ ਰਹੇ ਸੜਕਾਂ ‘ਤੇ ਖੜ੍ਹੇ ਵੱਡੇ ਵਾਹਨਾਂ ਦੇ ਚਲਾਨ ਕੀਤੇ ਜਾਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡ ਐਕਸੀਡੈਂਟ ਰਿਪੋਰਟ-2021 ਅਨੁਸਾਰ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਲਗਭਗ 4,589 ਲੋਕਾਂ ਦੀ ਮੌਤ ਹੋਈ ਅਤੇ ਰੋਜ਼ਾਨਾ 13 ਲੋਕ ਆਪਣੀ ਜਾਨ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਕੁੱਲ ਸੜਕ ਹਾਦਸਿਆਂ ਵਿੱਚੋਂ 72 ਫ਼ੀਸਦੀ ਸੜਕ ਹਾਦਸੇ ਕੌਮੀ ਅਤੇ ਰਾਜ ਮਾਰਗਾਂ ‘ਤੇ ਹੁੰਦੇ ਹਨ ਅਤੇ 60 ਫ਼ੀਸਦੀ ਸੜਕ ਹਾਦਸੇ ਪੇਂਡੂ ਖੇਤਰਾਂ ਵਿੱਚ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਵਿੱਚ ਮਰਨ ਵਾਲੇ 70 ਫ਼ੀਸਦੀ ਲੋਕ 18 ਤੋਂ 45 ਸਾਲ ਉਮਰ ਦੇ ਹੁੰਦੇ ਹਨ। ਸੂਬੇ ਵਿੱਚ ਹਾਦਸਿਆਂ ਵਿੱਚ ਜ਼ਿਲ੍ਹਾ ਰੋਪੜ, ਫ਼ਤਹਿਗੜ੍ਹ ਸਾਹਿਬ ਅਤੇ ਮੋਹਾਲੀ ਸਭ ਤੋਂ ਵੱਧ ਯੋਗਦਾਨ ਪਾ ਰਹੇ ਹਨ ਜਦਕਿ ਜਲੰਧਰ ਤੇ ਲੁਧਿਆਣਾ ਸ਼ਹਿਰ ਸਭ ਤੋਂ ਵੱਧ ਹਾਦਸਿਆਂ ਵਾਲੇ ਸ਼ਹਿਰ ਬਣ ਗਏ ਹਨ।

ਸੜਕ ਸੁਰੱਖਿਆ ਅਤੇ ਹਾਦਸਿਆਂ ਵਿਚ ਲੋਕਾਂ ਦੀ ਜਾਨ ਬਚਾਉਣ ਜਿਹੇ ਭਲਾਈ ਕਾਰਜਾਂ ਵਿੱਚ ਜੁਟੀਆਂ ਸਮਾਜ-ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਅਜਿਹੀਆਂ ਸੰਸਥਾਵਾਂ ਅਤੇ ਵਿਅਕਤੀਆਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਮਾਜ-ਸੇਵੀ ਸੰਸਥਾਵਾਂ ਨੂੰ ਵੱਧ-ਚੜ੍ਹ ਕੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸੜਕ ਸੁਰੱਖਿਆ ਲਈ ਸਰਕਾਰ ਨੂੰ ਸੁਝਾਅ ਦੇਣ ਤਾਂ ਜੋ ਲੋਕਾਂ ਦੀ ਜਾਨ ਦੀ ਰਾਖੀ ਕੀਤੀ ਜਾ ਸਕੇ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਵਿਕਾਸ ਗਰਗ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ, ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮੌਨਿਸ਼ ਕੁਮਾਰ, ਏ.ਡੀ.ਜੀ.ਪੀ. (ਟ੍ਰੈਫ਼ਿਕ) ਸ੍ਰੀ ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਸਣੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ), ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ, ਸਕੂਲ ਸਿੱਖਿਆ ਆਦਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਸੜਕ ਸੁਰੱਖਿਆ ਹਫ਼ਤੇ ਦੌਰਾਨ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੜਕ ਸੁਰੱਖਿਆ ਹਫ਼ਤੇ ਦੌਰਾਨ ਸੜਕ ਸੁਰੱਖਿਆ ਨਾਲ ਸਬੰਧਤ ਵਿਭਾਗਾਂ ਵੱਲੋਂ ਸਮਾਜ-ਸੇਵੀ ਜਥੇਬੰਦੀਆਂ ਨਾਲ ਮਿਲ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟ੍ਰੈਫ਼ਿਕ ਪੁਲਿਸ ਵੱਲੋਂ ਸਾਈਕਲ/ਦੋ ਪਹੀਆ ਵਾਹਨ ਰੈਲੀਆਂ, ਰਿਫ਼ਲੈਕਟਰ ਲਾਉਣਾ, ਡਰਾਈਵਰਾਂ ਦੀ ਸਿਹਤ ਜਾਂਚ, ਓਵਰ ਸਪੀਡਿੰਗ ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਮੁਹਿੰਮ, ਸੀਟ ਬੈਲਟ ਅਤੇ ਹੈਲਮੇਟ ਪਹਿਨਣ ਬਾਰੇ ਜਾਗਰੂਕਤਾ ਮੁਹਿੰਮ, ਸਾਈਨ ਬੋਰਡ ਲਗਾਉਣ ਆਦਿ ਦੀ ਮੁਹਿੰਮ ਚਲਾਈ ਜਾਵੇਗੀ। ਟਰਾਂਸਪੋਰਟ, ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਸਿਹਤ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਟਰੱਕ ਆਪ੍ਰੇਟਰਾਂ ਤੇ ਟ੍ਰੈਫ਼ਿਕ ਮੁਲਾਜ਼ਮਾਂ ਦੀ ਸਿਹਤ ਤੇ ਅੱਖਾਂ ਦੀ ਜਾਂਚ ਦੇ ਕੈਂਪ, ਲੋਕ ਨਿਰਮਾਣ ਵਿਭਾਗ ਤੇ ਭਾਰਤੀ ਰਾਜ ਮਾਰਗ ਅਥਾਰਿਟੀ ਵੱਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ‘ਤੇ ਸਾਈਨ ਬੋਰਡ ਲਾਏ ਜਾਣਗੇ, ਪੰਜਾਬ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੰਪਰਕ ਸੜਕਾਂ ਦੇ ਆਲੇ-ਦੁਆਲੇ ਸਫ਼ਾਈ ਮੁਹਿੰਮ ਵਿੱਢੀ ਜਾਵੇਗੀ, ਸਥਾਨਕ ਸਰਕਾਰਾਂ ਵਿਭਾਗ ਵੱਲੋਂ ਮਿਊਂਸੀਪਲ ਹੱਦਾਂ ਦੇ ਅੰਦਰ ਵੱਧ ਹਾਦਸਿਆਂ ਵਾਲੇ ਮੋੜਾਂ ‘ਤੇ ਸਟਰੀਟ ਲਾਈਟਾਂ ਅਤੇ ਕੈਮਰੇ ਲਾਏ ਜਾਣਗੇ। ਇਸੇ ਤਰ੍ਹਾਂ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਵੱਲੋਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਥੀਆਂ ਨੂੰ ਸੜਕ ਹਾਦਸੇ ਘਟਾਉਣ ਸਬੰਧੀ ਅਤੇ ਵਿਦਿਆਰਥੀਆਂ ਨੂੰ ਆਉਣ-ਜਾਣ ਲਈ ਨਿੱਜੀ ਵਾਹਨਾਂ ਦੀ ਥਾਂ ਜਨਤਕ ਟਰਾਂਸਪੋਰਟ ਸੇਵਾ ਵਰਤਣ ਲਈ ਜਾਗਰੂਕ ਕੀਤਾ ਜਾਵੇਗਾ।

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੜਕ ਸੁਰੱਖਿਆ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਦਾ ਸੁਚੱਜਾ ਪ੍ਰਬੰਧਨ ਅਤੇ ਲੋਕਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ।

Spread the love

Leave a Reply

Your email address will not be published. Required fields are marked *

Back to top button