ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਮਹੀਨੇ ‘ਚ 49 ਚਲਾਨ ਕੱਟੇ
Rakesh Goswami (TMT)
ਪਟਿਆਲਾ, 17 ਮਈ:
ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਨੂੰ ਤੰਬਾਕੂ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਤੰਬਾਕੂ ਨਾਲ ਸਿਹਤ ‘ਤੇ ਪੈਂਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੂਡ ਸੇਫ਼ਟੀ ਤੇ ਸਟੈਂਡਰਡ ਐਕਟ ਤਹਿਤ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਜ਼ਿਲ੍ਹੇ ‘ਚ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ 163 ਪਿੰਡ ਤੰਬਾਕੂ ਮੁਕਤ ਹਨ ਤੇ ਵਿਭਾਗ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤੇ ਚਲਾਨ ਵੀ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਮਹੀਨੇ ਦੌਰਾਨ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ 49 ਚਲਾਨ ਕੱਟੇ ਗਏ ਹਨ ਅਤੇ 2950 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਐਸ.ਐਮ.ਓਜ਼ ਵੀ ਮੌਜੂਦ ਸਨ।