Punjab-Chandigarh

ਉਚੇਰੀ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸਮੀਖਿਆ ਮੀਟਿੰਗ

ਜ਼ਿਲ੍ਹੇ ਦੇ ਵੋਟਰਾਂ ਦਾ ਸੌ ਫ਼ੀਸਦੀ ਟੀਕਾਕਰਨ ਲਈ ਸਰਗਰਮੀਆਂ ਤੇਜ਼

ਬਲਜੀਤ ਸਿੰਘ ਕੰਬੋਜ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ ਹਰ ਇੱਕ ਵੋਟਰ ਦੇ ਕੋਵਿਡ ਤੋਂ ਬਚਾਅ ਲਈ ਲਾਜਮੀ ਟੀਕਾਕਰਨ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈਆਂ ਜਾ ਰਹੀਆਂ ਸਰਗਰਮੀਆਂ ਦੀ ਸਮੀਖਿਆ ਲਈ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸਕੱਤਰ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਅਗਵਾਈ ਹੇਠ ਏ.ਡੀ.ਸੀ. (ਵਿਕਾਸ) ਗੌਤਮ ਜੈਨ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਸਮੂਹ ਰਿਟਰਨਿੰਗ ਅਧਿਕਾਰੀਆਂ ਸਮੇਤ ਸਿਵਲ ਸਰਜਨ ਡਾ. ਪ੍ਰਿੰਸ ਸੋਢੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂ ਗੋਇਲ ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਸ੍ਰੀ ਕ੍ਰਿਸ਼ਨ ਕੁਮਾਰ ਨੇ ਸਬ ਡਵੀਜਨਾਂ ‘ਚ ਕਰੋਨਾ ਵੈਕਸੀਨੇਸ਼ਨ ਦਾ ਜਾਇਜਾ ਲੈਂਦਿਆਂ 100 ਫੀਸਦੀ ਟੀਕਾਕਰਨ ਵਾਲੇ ਪਿੰਡਾਂ ਦੀ ਸ਼ਲਾਘਾ ਕਰਦਿਆਂ ਬਾਕੀ ਰਹਿੰਦੇ ਨਾਗਰਿਕਾਂ ਦੇ ਟੀਕਾਕਰਨ ਲਈ ਘਰ-ਘਰ ਪਹੁੰਚ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਘਰ-ਘਰ ਜਾਣ ਦੇ ਨਾਲ-ਨਾਲ ਜਨਤਕ ਸਰਗਰਮੀਆਂ ਵਾਲੀਆਂ ਥਾਵਾਂ ਜਿਵੇਂ ਸਬਜ਼ੀ ਮੰਡੀਆਂ, ਬਜ਼ਾਰਾਂ ਤੇ ਜਨਤਕ ਵੰਡ ਪ੍ਰਣਾਲੀ ਵਾਲੇ ਡੀਪੂਆਂ ‘ਤੇ ਵੀ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟੀਕਾਕਰਨ ਦੇ ਟੀਚੇ ਪੂਰੇ ਕਰਨ ਲਈ ਸਿਹਤ ਵਿਭਾਗ ਨੂੰ ਹੋਰ ਵਿਭਾਗ ਵੀ ਸਹਿਯੋਗ ਦੇਣ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਕਈ ਥਾਵਾਂ ‘ਤੇ ਟੀਕਕਾਰਨ ਦੀ ਢਿੱਲੀ ਕਾਰਗੁਜ਼ਾਰੀ ਦਾ ਸਖ਼ਤ ਨੋਟਿਸ ਵੀ ਲਿਆ। ਸਾਰੇ ਅਧਿਕਾਰੀਆਂ, ਐਸ.ਐਮ.ਓਜ ਅਤੇ ਹੋਰ ਸਬੰਧਤਾਂ ਨੂੰ ਵੀ ਹਦਾਇਤ ਕੀਤੀ ਕਿ ਸਾਰੇ ਯੋਗ ਨਾਗਰਿਕਾਂ ਅਤੇ ਖਾਸ ਕਰਕੇ ਸਮੂਹ ਵੋਟਰਾਂ ਦਾ ਮੁਕੰਮਲ ਟੀਕਾਕਰਨ ਕਰਕੇ ਚੋਣਾਂ ਦੌਰਾਨ ਕੋਵਿਡ ਮਹਾਂਮਾਰੀ ਤੋਂ ਸੁਰੱਖਿਅਤ ਮਾਹੌਲ ਸਿਰਜਣ ‘ਚ ਕੋਈ ਢਿੱਲ ਮੱਠ ਨਾ ਵਰਤੀ ਜਾਵੇ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਟੀਕਾਕਰਨ ਮੁਹਿੰਮ ‘ਚ ਨਾਲ ਜੁੜਿਆ ਹਰ ਵਿਅਕਤੀ ਆਪਣੇ ਆਪ ਨੂੰ ਆਦਰਸ਼ (ਮਾਡਲ) ਵਜੋਂ ਪੇਸ਼ ਕਰੇ ਤੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰੇ। ਉਨ੍ਹਾਂ ਨੇ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਸਬੰਧੀ ਲੋਕਾਂ ਨੂੰ ਪ੍ਰੇਰਤ ਕਰਨ ਲਈ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਆਦੇਸ਼ ਦਿੱਤਾ। ਉਨ੍ਹਾਂ ਨੇ ਸਮੂਹ ਐਸ.ਡੀ.ਐਮਜ ਅਤੇ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੀ.ਐਲ.ਓਜ ਸਮੇਤ ਹੋਰ ਕਰਮਚਾਰੀਆਂ ਰਾਹੀਂ ਟੀਕਾਕਰਨ ਤੋਂ ਵਾਂਝੇ ਲੋਕਾਂ ਨੂੰ ਵੈਕਸੀਨੇਸ਼ਨ ਲਗਵਾਉਣ ਲਈ ਉਚੇਚੇ ਯਤਨ ਕੀਤੇ ਜਾਣ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜਿਲ੍ਹੇ ਭਰ ‘ਚ ਟੀਕਾਕਰਨ ਤੋਂ ਵਾਂਝੇ ਨਾਗਰਿਕਾਂ ਦੀ ਪਹਿਚਾਣ ਲਈ ਸਰਵੇਖਣ ਕੀਤਾ ਜਾ ਚੁੱਕਿਆ ਹੈ ਜਿਸ ਸਦਕਾ ਟੀਕਾਕਰਨ ਮੁਹਿੰਮ ਨੇ ਤੇਜ਼ੀ ਫੜੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਤੇ ਕਾਲਜਾਂ ਦੇ ਮੁਖੀ ਤੇ ਅਧਿਆਪਕ ਟੀਕਾਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ। ਪ੍ਰਿੰਸੀਪਲਜ਼ ਤੇ ਅਧਿਆਪਕ ਆਪਣੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰ ਸਕਦੇ ਹਨ।
ਮੀਟਿੰਗ ‘ਚ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਿਲ੍ਹੇ ਦੇ ਸਮੂਹ ਐਸ.ਐਮ.ਓਜ਼. ਨੂੰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਸੇਵਾਵਾਂ ਤੇ ਸਹਿਯੋਗ ਲੈਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਪਿੰਡ ਤੇ ਕਸਬੇ ‘ਚ ਜਰੂਰ ਕਰੋਨਾ ਵੈਕਸੀਨੇਸ਼ਨ ਸਬੰਧੀ ਜਾਗਰੂਕਤਾ ਫੈਲਾਉਣ ਲਈ ਪ੍ਰਚਾਰ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਐਸ.ਐਮ.ਓਜ ਵੀ ਮੌਜੂਦ ਸਨ।

Spread the love

Leave a Reply

Your email address will not be published. Required fields are marked *

Back to top button