ਪੀ.ਐਸ.ਪੀ.ਸੀ.ਐਲ. ਦਾ ਜੇ.ਈ. 8,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋ ਗ੍ਰਿਫਤਾਰ
ਬਠਿੰਡਾ 15 ਮਾਰਚ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਪੰਜਾਬ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਸਬ ਡਵੀਜ਼ਨ ਭਾਈਰੂਪਾ, ਜਿਲਾ ਬਠਿੰਡਾ ਦੇ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਪੁਨੀਤ ਨੂੰ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਅੱਜ ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਦੁੱਲੇਵਾਲਾ, ਜਿਲਾ ਬਠਿੰਡਾ ਦੇ ਵਾਸੀ ਗੁਰਤੇਜ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਤੇਜ਼ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿਜਲੀ ਮੁਲਾਜਮ ਨੇ ਉਸਦੇ ਖੇਤ ਦੀ ਮੋਟਰ ਦੇ ਬਿਜਲੀ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਜਾਰੀ ਕਰਵਾਉਣ ਬਦਲੇ 12,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਇਹ ਜੇ.ਈ. ਪਹਿਲਾਂ ਹੀ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਵਾਰ-ਵਾਰ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਦੇ ਬਠਿੰਡਾ ਯੂਨਿਟ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 8,000 ਰੁਪਏ ਦੀ ਰਿਸ਼ਵਤ ਦੀ ਰਕਮ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਉਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।