Punjab-Chandigarh

ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਕੌਮਾਂਤਰੀ ਨਰਸ ਦਿਵਸ ਮੌਕੇ ਕੀਤਾ ਅਹਿਮ ਐਲਾਨ

ਪਟਿਆਲਾ, 12 ਮਈ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੇ ਸਿੰਗਲਾ ਨੇ ਅੱਜ ਕੌਮਾਂਤਰੀ ਨਰਸ ਦਿਵਸ ਮੌਕੇ ਸੂਬੇ ਦੇ ਨਰਸਿੰਗ ਸਟਾਫ਼ ਦੀ ਲੰਮੇ ਸਮੇਂ ਤੋਂ ਬਕਾਇਆ ਮੰਗ ਪੂਰੀ ਕਰਦਿਆਂ ‘ਨਰਸਿੰਗ ਸਿਸਟਰਜ਼’ ਦੇ ਅਹੁਦੇ ਨੂੰ ‘ਨਰਸਿੰਗ ਅਫ਼ਸਰ’ ਕਰਨ ਦਾ ਐਲਾਨ ਕੀਤਾ।
ਡਾ. ਵਿਜੇ ਸਿੰਗਲਾ, ਅੱਜ ਫਲੋਰੈਂਸ ਨਾਈਟਿੰਗੇਲ ਦੀ ਜਨਮ ਵਰ੍ਹੇਗੰਢ ਮੌਕੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ਪੰਜਾਬ ਨਰਸਿੰਗ ਐਸੋਸੀਏਸ਼ਨ ਤੇ ਰਾਜਿੰਦਰਾ ਹਸਪਤਾਲ ਦੇ ਨਰਸਿੰਗ ਸਟਾਫ ਵੱਲੋਂ ਕਰਵਾਏ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਸਨ। ਉਨ੍ਹਾਂ ਦੇ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਡਾ. ਬਲਬੀਰ ਸਿੰਘ ਤੇ ਚੇਤਨ ਸਿੰਘ ਜੌੜਾਮਾਜਰਾ ਅਤੇ ਪ੍ਰਮੁੱਖ ਸਕੱਤਰ ਹੁਸਨ ਲਾਲ ਵੀ ਮੌਜੂਦ ਸਨ।
ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਰਸਿੰਗ ਸਟਾਫ਼ ਵੱਲੋਂ ਮਰੀਜਾਂ ਦੀ ਸਾਂਭ-ਸੰਭਾਲ ਅਤੇ ਕੋਵਿਡ ਮਹਾਂਮਾਰੀ ‘ਚ ਨਿਭਾਈਆਂ ਸੇਵਾਵਾਂ ਦਾ ਸਤਿਕਾਰ ਕਰਦਿਆਂ ਨਰਸਿੰਗ ਸਟਾਫ਼ ਦੀਆਂ ਮੰਗਾਂ ਨੂੰ ਮੰਨਣ ਸਮੇਤ ਨਰਸਿੰਗ ਸਿਸਟਰਜ਼ ਦੇ ਅਹੁਦੇ ਨੂੰ ਨਰਸਿੰਗ ਅਫ਼ਸਰ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਰਸਿੰਗ ਸਟਾਫ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ‘ਤੇ ਪੱਕੀ ਭਰਤੀ ਕਰਨ ਲਈ ਵੀ ਵਚਨਬੱਧ ਹੈ।
ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਕੌਮਾਂਤਰੀ ਨਰਸ ਦਿਵਸ ਦੇ ਇਸ ਵਰ੍ਹੇ ਦੇ ਥੀਮ, ਵਿਸ਼ਵ ਭਰ ‘ਚ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਲਈ ਨਰਸਿੰਗ ਪੇਸ਼ੇ ‘ਚ ਸੁਰੱਖਿਆ, ਸਮਰਥਨ ਅਤੇ ਨਿਵੇਸ਼ ਕਰਨ ਦੀ ਲੋੜ ‘ਤੇ ਕੇਂਦਰਿਤ ਹੋਣ, ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਰਸਿੰਗ ਸਟਾਫ਼ ਦੀਆਂ ਲੋੜਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਸਮਾਂਬੱਧ ਤਰੱਕੀ ਸਮੇਤ ਨਰਸਿੰਗ ਅਮਲੇ ਦੀ ਕੋਈ ਵੀ ਮੰਗ ਬਕਾਇਆ ਨਹੀਂ ਰਹੇਗੀ।
ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਅਹਿਦ ਲਿਆ ਹੈ ਅਤੇ ਪਹਿਲੀ ਕੈਬਨਿਟ ਮੀਟਿੰਗ ‘ਚ ਹੀ ਨੌਜਵਾਨਾਂ ਨੂੰ 25 ਹਜ਼ਾਰ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਐਲਾਨ ਨੂੰ ਬੂਰ ਪੈਣ ਲੱਗਾ ਹੈ, ਜਿਸ ਤਹਿਤ ਹਰ ਵਿਭਾਗ ‘ਚ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਅਤੇ ਬੀਤੇ ਦਿਨ ਹੀ ਸਿਹਤ ਵਿਭਾਗ ‘ਚ ਵੀ 710 ਨਰਸਿੰਗ ਅਮਲੇ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ।
ਇਸ ਮੌਕੇ ਪੰਜਾਬ ਨਰਸਿੰਗ ਐਸੋਸੀਏਸ਼ਨ ਦੀ ਕਨਵੀਨਰ ਪਰਮਜੀਤ ਕੌਰ ਸੰਧੂ ਅਤੇ ਰਾਜਿੰਦਰਾ ਹਸਪਤਾਲ ਦੀ ਨਰਸਿੰਗ ਸੁਪਰਡੈਂਟ ਮਨਜੀਤ ਕੌਰ ਧਾਲੀਵਾਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਿਹਤ ਮੰਤਰੀ ਤੇ ਹੋਰ ਮਹਿਮਾਨਾਂ ਨੂੰ ਸਨਮਾਨਤ ਕੀਤਾ।
ਇਸ ਤੋਂ ਪਹਿਲਾਂ ਵਿਧਾਇਕ ਡਾ. ਬਲਬੀਰ ਸਿੰਘ ਨੇ ਨਰਸਿੰਗ ਅਫ਼ਸਰਾਂ ਨੂੰ ਭਾਈ ਘਨੱਈਆ ਜੀ ਦੇ ਅਸਲ ਵਾਰਸ ਦੱਸਦਿਆਂ ਕਿਹਾ ਕਿ ਹੁਣ ਇਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਆਪਣੀਆਂ ਮੰਗਾਂ ਮੰਨਵਾਉਣ ਲਈ ਕੋਈ ਸੰਘਰਸ਼ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨੇ ਰਾਜਿੰਦਰਾ ਹਸਪਤਾਲ ਵਿਖੇ 25 ਲੱਖ ਰੁਪਏ ਦੀਆਂ ਐਮਰਜੈਂਸੀ ਦਵਾਈਆਂ ਭੇਜੀਆਂ ਹਨ। ਅਜੀਤ ਪਾਲ ਸਿੰਘ ਕੋਹਲੀ ਤੇ ਚੇਤਨ ਸਿੰਘ ਜੌੜਾਮਾਜਰਾ ਨੇ ਨਰਸਿੰਗ ਅਮਲੇ ਨੂੰ ਧਰਤੀ ਦੇ ਫ਼ਰਿਸਤੇ ਦੱਸਦਿਆਂ ਇਨ੍ਹਾਂ ਵੱਲੋਂ ਨਿਭਾਂਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਸਮਾਗਮ ਮੌਕੇ ਨਰਸਿੰਗ ਅਮਲੇ ਨੇ ਪ੍ਰਣ ਕੀਤਾ ਕਿ ਉਹ ਸਿਹਤ ਸੇਵਾਵਾਂ ਦੇ ਮਿਆਰ ਨੂੰ ਹੋਰ ਉਚਾ ਚੁੱਕਣ ‘ਚ ਆਪਣਾ ਯੋਗਦਾਨ ਪਾਉਣਗੇ। ਇਸ ਦੌਰਾਨ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਸਿਵਲ ਸਰਜਨ ਡਾ. ਰਾਜੂ ਧੀਰ ਸਮੇਤ ਵੱਡੀ ਗਿਣਤੀ ‘ਚ ਨਰਸਿੰਗ ਅਮਲੇ ਦੇ ਮੈਂਬਰ ਤੇ ਹੋਰ ਪਤਵੰਤੇ ਮੌਜੂਦ ਸਨ।

Spread the love

Leave a Reply

Your email address will not be published. Required fields are marked *

Back to top button