Punjab-ChandigarhTop News

ਪਿੰਡ ਕਾਲੋਮਾਜਰਾ ਤੇ ਜਾਂਸਲਾ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਪਰਾਲੀ ਨਾ ਸਾੜਨ ਦੇ ਮਤੇ ਪਾਸ

ਪਟਿਆਲਾ, 23 ਸਤੰਬਰ:
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਤੇ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਦੀ ਤਕਨੀਕੀ ਜਾਣਕਾਰੀ ਦੇਣ ਲਈ ਅਰੰਭੀ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਹੁਣ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਆਪ ਮੁਹਾਰੇ ਮਤੇ ਪਾਏ ਜਾ ਰਹੇ ਹਨ। ਇਸ ਲੜੀ ਤਹਿਤ ਪਿੰਡ ਜਾਂਸਲਾ ਤੇ ਕਾਲੋਮਾਜਰਾ ਦੀਆਂ ਪੰਚਾਇਤਾਂ ਵੱਲੋਂ ਵਿਸ਼ੇਸ਼ ਇਜਲਾਸ ਦੌਰਾਨ ਪਰਾਲੀ ਨਾ ਸਾੜਨ ਦੇ ਮਤੇ ਪਾਸ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹਰੇਕ ਬਲਾਕ ਦੇ ਪਿੰਡਾਂ ਵਿੱਚ ਰੋਜ਼ਾਨਾ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿੱਚ ਮਾਹਰਾਂ ਵੱਲੋਂ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਦੀ ਜਾਣਕਾਰੀ ਦੇਣ ਸਮੇਤ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਤੇ ਵਾਤਾਵਰਣ ਦੇ ਹੁੰਦੇ ਨੁਕਸਾਨ ਪ੍ਰਤੀ ਵੀ ਸੁਚੇਤ ਕੀਤਾ ਜਾ ਰਿਹਾ ਹੈ, ਜਿਸ ਸਦਕਾ ਹੁਣ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਪਰਾਲੀ ਨਾ ਸਾੜਨ ਦੀ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।


ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਗ੍ਰਾਮ ਪੰਚਾਇਤ ਜਾਂਸਲਾ ਤੇ ਗ੍ਰਾਮ ਪੰਚਾਇਤ ਕਾਲੋਮਾਜਰਾ ਵੱਲੋਂ ਪਰਾਲੀ ਨਾ ਸਾੜਨ ਦੇ ਪਾਏ ਮਤੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਸਾਰੂ ਕਦਮ ਹੋਰਨਾ ਕਿਸਾਨਾਂ ਨੂੰ ਵੀ ਅਜਿਹੇ ਵਾਤਾਵਰਣ ਪੱਖੀ ਫੈਸਲੇ ਲੈਣ ਲਈ ਉਤਸ਼ਾਹਤ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਨਵੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬਾਕੀ ਪਿੰਡ ਵੀ ਵਾਤਾਵਰਣ ਹਿਤੈਸ਼ੀ ਬਣਨ ਦਾ ਸਬੂਤ ਦਿੰਦਿਆਂ ਅੱਗੇ ਆਉਣ। ਉਨ੍ਹਾਂ ਕਿਹਾ ਕਿ ਪਿਛਲੀ ਦਿਨੀਂ ਵੀ ਜਨਸੂਈ ਪਿੰਡ ਵੱਲੋਂ ਪਰਾਲੀ/ਰਹਿੰਦ-ਖੂੰਹਦ ਨਾ ਸਾੜਨ ਦਾ ਮਤਾ ਪਾਸ ਕੀਤਾ ਗਿਆ ਸੀ।
ਪਿੰਡ ਜਾਂਸਲਾ ਦੇ ਸਰਪੰਚ ਰਾਜਕੁਮਾਰ ਜਾਂਸਲਾ ਤੇ ਪਿੰਡ ਕਾਲੋਮਾਜਰਾ ਦੇ ਸਰਪੰਚ ਪਰਮਜੀਤ ਕੌਰ ਨੇ ਪਿੰਡਾਂ ਵਿੱਚ ਬੁਲਾਏ ਵਿਸ਼ੇਸ਼ ਇਜਲਾਸਾਂ ਦੀ ਪ੍ਰਧਾਨਗੀ ਕੀਤੀ ਅਤੇ ਪਿੰਡਾਂ ਦੇ ਚੌਕੀਦਾਰ ਰਾਹੀਂ ਗ੍ਰਾਮ ਪੰਚਾਇਤਾਂ ਦੇ ਮਤੇ ਸਬੰਧੀ ਮੁਸਤਰੀ ਮੁਨਾਦੀ ਵੀ ਕਰਵਾਈ ਗਈ ਅਤੇ ਗੁਰਦੁਆਰਾ ਸਾਹਿਬ ਅਤੇ ਮੰਦਿਰ ਵਿਚ ਅਨਾਊਂਸਮੈਂਟ ਰਾਹੀਂ ਪਿੰਡਾਂ ਦੇ ਵਸਨੀਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਸਤੀਸ਼ ਕੁਮਾਰ, ਸੁਦੇਸ਼ ਕੁਮਾਰ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

Spread the love

Leave a Reply

Your email address will not be published. Required fields are marked *

Back to top button