Punjab-ChandigarhTop News

ਵਿਸ਼ਵ ਯੂਨੀਵਰਸਿਟੀ ਵੱਲੋਂ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਂਜਲੀ

Ajay Verma ( The Mirror Time )

Fatehgarh Sahib

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਨੇ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾਂਜਲੀ ਵਜੋਂ ਸ਼ਹੀਦੀ ਸਭਾ ਦੌਰਾਨ ਵੱਖ-ਵੱਖ ਸੇਵਾ ਕੈਂਪ ਲਗਾਏ ਗਏ ਹਨ। ਕੈਂਪਾਂ ਦਾ ਉਦਘਾਟਨ ਕਰਦੇ ਹੋਏ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ: ਪ੍ਰਿਤਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਸਿੱਖਿਆ ਦੇ ਉਦੇਸ਼ ਅਤੇ ਸਿੱਖ ਗੁਰੂਆਂ ਦੇ ਪਵਿੱਤਰ ਸੰਦੇਸ਼ ਨੂੰ ਨੌਜਵਾਨਾਂ ਵਿੱਚ ਫੈਲਾਉਣ ਲਈ ਪੂਰੀ ਤਨਦੇਹੀ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਸਰਬੱਤ ਦਾ ਭਲਾ ਅਤੇ ਵੱਡੇ ਪੱਧਰ ‘ਤੇ ਮਨੁੱਖਤਾ, ਖਾਸ ਕਰਕੇ ਲੋੜਵੰਦਾਂ ਅਤੇ ਗਰੀਬਾਂ ਦੀ ਸੇਵਾ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਆਦੇਸ਼ ਦੇ ਨਾਲ, ਯੂਨੀਵਰਸਿਟੀ ਦਾ ਮੰਤਵ ਹਰੇਕ ਵਿਦਿਆਰਥੀ ਨੂੰ ਵਧੀਆ ਢੰਗ ਨਾਲ ਸਿੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਯੂਨੀਵਰਸਿਟੀ ਵਿੱਚ 2500 ਤੋਂ ਵੱਧ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਪੜ੍ਹ ਰਹੇ ਹਨ, ਇਸ ਤੋਂ ਇਲਾਵਾ ਯੂਨੀਵਰਸਿਟੀ ਹੋਣਹਾਰ ਵਿਦਿਆਰਥੀਆਂ ਨੂੰ ਕਰੋੜਾਂ ਰੁਪਏ ਦੇ ਵਜ਼ੀਫੇ ਵੀ ਪ੍ਰਦਾਨ ਕਰਦੀ ਹੈ। 

ਉਹਨਾਂ ਦੱਸਿਆ ਕਿ ਸਭਾ ਦੌਰਾਨ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਇੰਗਲੈਂਡ ਵੱਲੋਂ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਵਿੱਚ ਡਾਕਟਰ ਕੈਂਸਰ ਦੇ ਲੱਛਣਾਂ ਅਤੇ ਬਚਾਅ ਦੇ ਉਪਾਅ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਇਸ ਤੋਂ ਇਲਾਵਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ, ਮੁਫ਼ਤ ਫਿਜ਼ੀਓਥੈਰੇਪੀ ਅਤੇ ਹੋਮਿਓਪੈਥੀ ਕੈਂਪ, ਦਸਤਾਰ ਸਿਖਲਾਈ ਕੈਂਪ ਅਤੇ ਧਾਰਮਿਕ ਦਸਤਾਵੇਜ਼ੀ ਫ਼ਿਲਮਾਂ ਦੀ ਸਕਰੀਨਿੰਗ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਪ੍ਰਸਾਰ ਸਮਾਜਿਕ ਤਬਦੀਲੀ ਲਿਆਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਇਸੇ ਨਜ਼ਰੀਏ ਨਾਲ ਯੂਨੀਵਰਸਿਟੀ ਵੱਲੋਂ ਇਸ ਸਾਲ ਵੱਡੇ ਪੱਧਰ ’ਤੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਹੈ, ਜਿਸ ਵਿੱਚ ਤੀਹ ਤੋਂ ਵੱਧ ਪ੍ਰਕਾਸ਼ਕਾਂ ਨੇ ਸ਼ਮੂਲੀਅਤ ਕੀਤੀ ਹੈ। 

ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਯੂਨੀਵਰਸਿਟੀ ਦੇ ਵਿਜ਼ਨ ‘ਤੇ ਚਰਚਾ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਲੋਕਾਂ ਵਿੱਚ ਖਾਸ ਕਰਕੇ ਨੌਜਵਾਨਾਂ ਵਿੱਚ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਉਹ ਮਾਤਾ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਅਤੇ ਬਾਬਾ ਫਤਹਿ ਸਿੰਘ ਜੀ ਸ਼ਹਾਦਤ ਤੋਂ ਸੇਧ ਲੈ ਕੇ ਪ੍ਰੇਰਿਤ ਹੋ ਸਕਣ। ਇਹ ਕੈਂਪ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਡਾ: ਸਿਕੰਦਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ |

Spread the love

Leave a Reply

Your email address will not be published. Required fields are marked *

Back to top button